ਬਠਿੰਡਾ, 10 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਦੀ ਤਿਆਰੀ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵਲੋਂ ਚੋਣ ਮੈਨੀਫੈਸਟੋ ਨੂੰ ਲੋਕਾਂ ਦੀਆਂ ਅਸਲ ਸਮੱਸਿਆਵਾਂ, ਲੋੜਾਂ ਅਤੇ ਉਮੀਦਾਂ ਦੇ ਅਨੁਸਾਰ ਤਿਆਰ ਕਰਨ ਲਈ ਵੱਖ-ਵੱਖ ਵਰਗਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੇ ਸੁਝਾਅ ਲਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ 11 ਨਵੰਬਰ ਨੂੰ ਬਠਿੰਡਾ ਦੇ ਦਾਣਾ ਮੰਡੀ ਸਥਿਤ ਲਾਰਡ ਰਾਮਾਂ ਹਾਲ ਵਿਖੇ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ। ਜਿਸ ਵਿਚ ਮਾਲਵਾ ਖੇਤਰ ਨਾਲ ਸਬੰਧਿਤ 5 ਜ਼ਿਲ੍ਹਿਆਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਮਾਨਸਾ, ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਦੇ ਕਾਂਗਰਸੀ ਆਗੂਆਂ-ਵਰਕਰਾਂ ਤੋਂ ਇਲਾਵਾ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਣਗੇ। ਪੰਜਾਬ ਕਾਂਗਰਸ ਦੇ ਚੋਣ ਮੈਨੀਫੈਸਟੋ ਸੰਬੰਧੀ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਮੈਨੀਫੈਸਟੋ ਕਮੇਟੀ ਦੀ ਅਗਵਾਈ ਕਮੇਟੀ ਦੇ ਚੇਅਰਮੈਨ ਸੰਸਦ ਮੈਂਬਰ ਡਾ. ਅਮਰ ਸਿੰਘ ਕਰ ਰਹੇ ਹਨ, ਜਦਕਿ ਗੁਰਜੀਤ ਸਿੰਘ ਔਜਲਾ, ਸੁਖਵਿੰਦਰ ਸਿੰਘ ਸਰਕਾਰੀਆ ਅਤੇ ਹਰਦਿਆਲ ਸਿੰਘ ਕੰਬੋਜ ਵਾਇਸ ਚੇਅਰਮੈਨ ਵਜੋਂ ਕਮੇਟੀ ਵਿਚ ਸ਼ਾਮਲ ਹਨ। ਕਮੇਟੀ ਵਲੋਂ ਵੱਖ-ਵੱਖ ਵਰਗਾਂ ਦੀਆਂ ਮੰਗਾਂ, ਮੁਸ਼ਕਲਾਂ ਅਤੇ ਸੁਝਾਅ ਇਕੱਠੇ ਕਰਕੇ ਉਨ੍ਹਾਂ ਨੂੰ ਪਾਰਟੀ ਦੇ ਚੋਣ ਮੈਨੀਫੈਸਟੋ ਦਾ ਹਿੱਸਾ ਬਣਾਉਣ ਦੀ ਯੋਜਨਾ ਹੈ। ਇਸ ਸਬੰਧੀ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਜ਼ਿਲ੍ਹਿਆਂ ਦੇ ਪ੍ਰਮੁੱਖ ਕਾਂਗਰਸੀ ਆਗੂਆਂ, ਵਪਾਰੀਆਂ, ਉਦਯੋਗਪਤੀਆਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਅਧਿਆਪਕਾਂ, ਡਾਕਟਰਾਂ, ਨੌਜਵਾਨਾਂ, ਮਹਿਲਾ ਜਥੇਬੰਦੀਆਂ ਅਤੇ ਹੋਰ ਸਬੰਧਿਤ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ।ਸਬੰਧਿਤ ਜਥੇਬੰਦੀਆਂ ਨੂੰ ਆਪਣੀਆਂ ਮੰਗਾਂ ਅਤੇ ਸੁਝਾਅ ਲਿਖਤੀ ਰੂਪ ਵਿਚ ਤਿਆਰ ਕਰਕੇ ਮੀਟਿੰਗ ਦੌਰਾਨ ਮੈਨੀਫੈਸਟੋ ਕਮੇਟੀ ਅੱਗੇ ਰੱਖਣ ਲਈ ਕਿਹਾ ਗਿਆ ਹੈ। ਇਸ ਸੰਬੰਧੀ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਦੱਸਿਆ ਕਿ ਪਾਰਟੀ ਵਲੋਂ ਜ਼ਿਲ੍ਹਾ ਪੱਧਰੀ ਸੰਗਠਨਾਂ ਅਤੇ ਯੂਨੀਅਨਾਂ ਨੂੰ ਪਹਿਲਾਂ ਹੀ ਸੂਚਿਤ ਕਰਨ ਲਈ ਗਿਆ ਹੈ। ਉਨ੍ਹਾਂ ਕਿਹਾ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਅਤੇ ਵੱਖ-ਵੱਖ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਇਸ ਮੀਟਿੰਗ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਰਗਾਂ ਦੇ ਨੁਮਾਇੰਦੇ ਆਪਣੀਆਂ ਮੰਗਾਂ ਅਤੇ ਠੋਸ ਸੁਝਾਅ ਸਿੱਧੇ ਤੌਰ ‘ਤੇ ਮੈਨੀਫੈਸਟੋ ਕਮੇਟੀ ਸਾਹਮਣੇ ਰੱਖ ਸਕਣਗੇ ਤਾਂ ਜੋ ਲੋਕਾਂ ਦੇ ਮੁੱਦਿਆਂ ਨੂੰ ਪਾਰਟੀ ਦੇ 2027 ਚੋਣ ਮੈਨੀਫੈਸਟੋ ਵਿਚ ਸ਼ਾਮਲ ਕਰਨ ਲਈ ਵਿਚਾਰਿਆ ਜਾ ਸਕੇ।
ਕਾਂਗਰਸ ਦੇ ਚੋਣ ਮੈਨੀਫੈਸਟੋ ਲਈ ਬਠਿੰਡਾ ’ਚ ਅੱਜ ਹੋਵੇਗੀ ਵਿਚਾਰ-ਚਰਚਾ, ਲੋਕਾਂ ਤੋਂ ਮੰਗੇ ਜਾਣਗੇ ਸੁਝਾਅ
ਬਠਿੰਡਾ, 10 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਦੀ ਤਿਆਰੀ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵਲੋਂ ਚੋਣ ਮੈਨੀਫੈਸਟੋ ਨੂੰ ਲੋਕਾਂ ਦੀਆਂ ਅਸਲ ਸਮੱਸਿਆਵਾਂ, ਲੋੜਾਂ ਅਤੇ ਉਮੀਦਾਂ ਦੇ ਅਨੁਸਾਰ ਤਿਆਰ ਕਰਨ ਲਈ ਵੱਖ-ਵੱਖ ਵਰਗਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੇ ਸੁਝਾਅ ਲਏ ਜਾ ਰਹੇ ਹਨ।
ਡਾ. ਅਮਰ ਸਿੰਘ ਤੇ ਰਾਜਨ ਗਰਗ।
11-11-2026