ਘਨੌਲੀ, 2 ਜਨਵਰੀ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ, ਕੰਟਰੈਕਟਰ ਕਰਮਚਾਰੀ ਯੂਨੀਅਨ ਥਰਮਲ ਪਲਾਂਟ ਰੂਪਨਗਰ ਅਤੇ ਪੈਨਸ਼ਨਜ਼ ਵੈੱਲਫੇਅਰ ਫੈਡਰੇਸ਼ਨ ਇਕਾਈ ਰੂਪਨਗਰ ਦੀ ਸਾਂਝੀ ਮੀਟਿੰਗ ਨੰੂਹਾਂ ਕਨੋਲੀ ਵਿਖੇ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਆਗੂ ਹਰਮੇਸ਼ ਸਿੰਘ ਧੀਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਬਿਜਲੀ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਮੰਨਣ ਪ੍ਰਤੀ ਲਗਾਤਾਰ ਟਾਲਾ ਵੱਟ ਰਹੀ ਹੈ | ਉਨ੍ਹਾਂ ਨੇ ਕਿਹਾ ਭਗਵੰਤ ਮਾਨ ਸਰਕਾਰ ਵਲੋਂ ਆਪਣੇ ਚੋਣ ਮੈਨੀਫੈਸਟੋ ਵਿਚ ਕੰਟਰੈਕਟਰ ਕਾਮਿਆਂ ਨੂੰ ਪੱਕਾ ਕਰਨ ਪ੍ਰਤੀ ਜੋ ਵਾਅਦਾ ਕੀਤਾ ਗਿਆ ਸੀ, ਲਗਪਗ ਚਾਰ ਸਾਲਾਂ ਦਾ ਸਮਾਂ ਬੀਤਣ ਉਪਰੰਤ ਵੀ ਪੰਜਾਬ ਸਰਕਾਰ ਦਾ ਇਹ ਵਾਅਦਾ ਵਫ਼ਾ ਨਹੀਂ ਹੋਇਆ | ਇਸ ਤੋਂ ਇਲਾਵਾ ਕੰਟਰੈਕਟਰ ਕਰਮਚਾਰੀਆਂ ਦੀਆਂ ਉਜ਼ਰਤਾਂ ਵਿਚ ਹਰੇਕ ਛਿਮਾਹੀ ਕੀਤਾ ਜਾਣ ਵਾਲਾ ਘੱਟੋ ਘੱਟ ਉਜ਼ਰਤਾਂ ਵਿਚ ਵਾਧਾ ਦੇਣ ਤੋਂ ਵੀ ਸਰਕਾਰ ਟਾਲਾ ਵੱਟ ਰਹੀ ਹੈ | ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ ਦੀਆਂ ਕਿਸ਼ਤਾਂ ਦਾ ਵਾਧਾ ਵੀ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਪੰਜਾਬ ਸਰਕਾਰ ਪ੍ਰਤੀ ਮੁਲਾਜ਼ਮ ਵਰਗ ਦਾ ਗ਼ੁੱਸਾ ਦਿਨੋਂ ਦਿਨ ਵੱਧ ਰਿਹਾ ਹੈ | ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਪਾਵਰਕਾਮ ਅਤੇ ਟਰਾਂਸਕੋ ਦੀਆਂ ਵਡਮੁੱਲਿਆਂ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਤੇ ਵੇਚਿਆ ਜਾ ਰਿਹਾ ਹੈ | ਇਸ ਦੇ ਰੋਸ ਵਲੋਂ 20 ਜਨਵਰੀ 2026 ਨੂੰ ਉਪਰੋਕਤ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰਣਜੀਤ ਬਾਗ਼ ਰੂਪਨਗਰ ਵਿਖੇ ਰੋਸ ਰੈਲੀ ਕਰਨ ਉਪਰੰਤ ਅਰਥੀ ਫੁਕ ਮੁਜ਼ਾਹਰਾ ਕੀਤਾ ਜਾ ਰਿਹਾ ਹੈ | ਇਸ ਮੀਟਿੰਗ ਨੂੰ ਰਾਜ ਕੁਮਾਰ ਕੋਹਲੀ, ਬਲਬੀਰ ਸਿੰਘ ਮਗਰੋੜ, ਅਮਰਜੀਤ ਸਿੰਘ, ਦਲਬੀਰ ਸਿੰਘ, ਬਲਵਿੰਦਰ ਸਿੰਘ, ਰਜਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ |