ਖਰੜ, 3 ਜਨਵਰੀ (ਗੁਰਮੁੱਖ ਸਿੰਘ ਮਾਨ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਸੱਚਖੰਡ ਸਾਹਿਬ ਪਿੰਡ ਖਾਨਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਜੀਤ ਸਿੰਘ ਖਾਨਪੁਰ ਨੇ ਦੱਸਿਆ ਕਿ ਇਹ ਨਗਰ ਕੀਰਤਨ ਅਰਦਾਸ ਉਪਰੰਤ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪੁਰਾਣੀ ਮੋਰਿੰਡਾ ਰੋਡ, ਬੱਸ ਅੱਡਾ ਚੌਕ, ਖਰੜ-ਕੁਰਾਲੀ ਹਾਈਵੇਅ ਤੇ ਲੁਧਿਆਣਾ ਹਾਈਵੇਅ ਨੂੰ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਪਿੰਡ ਖਾਨਪੁਰ ਵਿਖੇ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦੇ ਪੂਰੇ ਰਸਤੇ ਵੱਖ-ਵੱਖ ਰਾਗੀ ਸਿੰਘਾਂ ਵਲੋਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਨਗਰ ਕੀਰਤਨ ਦਾ ਥਾਂ-ਥਾਂ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਅੱਜ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਨ੍ਹਾਂ ਦੇ 5 ਜਨਵਰੀ ਨੂੰ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਅਤੇ ਕਥਾ-ਵਿਚਾਰਾਂ ਦੁਆਰਾ ਨਿਹਾਲ ਕੀਤਾ ਜਾਵੇਗਾ | ਸਮਾਗਮ ਦੀ ਸਮਾਪਤੀ ਮੌਕੇ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਜਾਣਗੇ |