ਪੰਚਕੂਲਾ, 4 ਜਨਵਰੀ (ਕਪਿਲ)-ਜ਼ਿਲ੍ਹੇ ਅਧੀਨ ਆਉਂਦੇ ਪਿੰਜੌਰ ਦੇ ਪਿੰਡ ਲੋਹਗੜ੍ਹ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਤੀਨਿਧੀ ਗੁਰਮੁੱਖ ਸਿੰਘ ਨੇ ਦੱਸਿਆ ਕਿ ਇਸ ਮੌਕੇ ਆਖੰਡ ਪਾਠ ਦੇ ਭੋਗ ਉਪਰੰਤ ਜਗਪਾਲ ਸਿੰਘ ਮੁੱਲਾਂਪੁਰੀ (ਸੁੰਗਨ) ਦੇ ਢਾਡੀ ਜਥੇ ਵਲੋਂ ਗੁਰ ਇਤਿਹਾਸ ਦੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਢਾਡੀ ਜਥੇ ਨੇ ਗੁਰੂ ਸਾਹਿਬਾਨ ਦੀਆਂ ਮਹਾਨ ਕੁਰਬਾਨੀਆਂ ਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਪ੍ਰਸੰਗ ਬੜੀ ਭਾਵਨਾਤਮਕ ਢੰਗ ਨਾਲ ਪੇਸ਼ ਕੀਤੇ | ਇਸ ਧਾਰਮਿਕ ਸਮਾਗਮ ਦੌਰਾਨ ਪਿੰਡ ਲੋਹਗੜ੍ਹ ਅਤੇ ਆਸ-ਪਾਸ ਦੇ ਖੇਤਰਾਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ |