ਡੇਰਾਬੱਸੀ, 4 ਜਨਵਰੀ (ਗੁਰਮੀਤ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਸਪੱਸ਼ਟ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਭਰ ਦੇ ਪਿੰਡਾਂ ਦੀਆਂ ਸੜਕਾਂ ਨੂੰ ਮਜ਼ਬੂਤ, ਟਿਕਾਊ ਅਤੇ ਸੁਚੱਜੇ ਢੰਗ ਨਾਲ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਇਸ ਦਾ ਲਾਭ ਮਿਲ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਈਸਾਪੁਰ ਜੰਗੀ ਵਿਖੇ ਗ੍ਰਾਮ ਪੰਚਾਇਤ ਵਲੋਂ ਨਵੀਂ ਸੜਕ ਬਣਨ ਦੀ ਖੁਸ਼ੀ 'ਚ ਕਰਵਾਏ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ 'ਚ ਸ਼ਮੂਲੀਅਤ ਕਰਦਿਆਂ ਡੇਰਾਬੱਸੀ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਜਿਥੇ ਪਿਛਲੀਆਂ ਸਰਕਾਰਾਂ ਨੇ ਸੜਕਾਂ ਸਿਰਫ਼ ਕਾਗਜ਼ਾਂ 'ਚ ਬਣਾਈਆਂ ਸਨ, ਉਥੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਪਿੰਡ-ਪਿੰਡ ਵਿਕਾਸ ਜ਼ਮੀਨੀ ਪੱਧਰ 'ਤੇ ਨਜ਼ਰ ਆ ਰਿਹਾ ਹੈ | ਨਵੀਆਂ ਸੜਕਾਂ ਨਾਲ ਨਾ ਸਿਰਫ਼ ਆਵਾਜਾਈ ਸੁਚੱਜੀ ਹੋਈ ਹੈ, ਸਗੋਂ ਪਿੰਡਾਂ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਵੀ ਨਵੀਂ ਦਿਸ਼ਾ ਮਿਲੀ ਹੈ | ਇਸ ਮੌਕੇ ਉਨ੍ਹਾਂ ਨੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪਿੰਡ ਵਾਸੀਆਂ ਵਲੋਂ ਦਿੱਤੇ ਮਾਣ-ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ | ਵਿਧਾਇਕ ਨੇ ਕਿਹਾ ਕਿ ਆਪਣੇ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਅਤੇ ਜਨਹਿੱਤ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਨੈਤਿਕ ਅਤੇ ਲੋਕਤੰਤਰਿਕ ਫਰਜ਼ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਜੋ ਵੀ ਸਰਕਾਰੀ ਯੋਜਨਾਵਾਂ ਹਨ, ਉਹ ਬਿਨਾਂ ਕਿਸੇ ਭੇਦਭਾਵ ਦੇ ਹਰ ਪਿੰਡ ਅਤੇ ਹਰ ਵਰਗ ਤੱਕ ਪਹੁੰਚਾਈਆਂ ਜਾਣਗੀਆਂ | ਇਸ ਦੌਰਾਨ ਪਿੰਡ ਈਸਾਪੁਰ ਜੰਗੀ ਦੇ ਵਸਨੀਕਾਂ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਨੇ ਨਵੀਂ ਸੜਕ ਬਣਨ 'ਤੇ ਖੁਸ਼ੀ ਜਤਾਉਂਦੇ ਹੋਏ ਕਿਹਾ ਕਿ ਇਸ ਨਾਲ ਪਿੰਡ ਦੇ ਬੱਚਿਆਂ, ਕਿਸਾਨਾਂ ਅਤੇ ਬਜ਼ੁਰਗਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਪਿੰਡ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਪ੍ਰਾਪਤ ਹੋਵੇਗੀ |