ਰੂਪਨਗਰ, 5 ਜਨਵਰੀ (ਸਤਨਾਮ ਸਿੰਘ ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਰੋਪੜ ਇਕਾਈ ਦੀ ਮੀਟਿੰਗ ਇਕਾਈ ਮੁਖੀ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਬਿਜਲੀ ਸੋਧ ਬਿੱਲ-2025 ਅਤੇ ਲੇਬਰ ਕੋਡਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਨ੍ਹਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ | ਮੀਟਿੰਗ ਵਿਚ ਸਮਾਜਿਕ ਕਾਰਕੁੰਨਾਂ ਅਤੇ ਪੱਤਰਕਾਰਾਂ 'ਤੇ ਦਰਜ ਕੀਤੇ ਜਾ ਰਹੇ ਕੇਸਾਂ ਦੀ ਵੀ ਤਿੱਖੀ ਨਿਖੇਧੀ ਕੀਤੀ ਗਈ | ਸੁਸਾਇਟੀ ਨੇ ਕਿਹਾ ਕਿ ਸਰਕਾਰਾਂ ਦੀਆਂ ਲੋਕ-ਵਿਰੋਧੀ ਨੀਤੀਆਂ 'ਤੇ ਸਵਾਲ ਉਠਾਉਣਾ ਪੱਤਰਕਾਰਾਂ, ਲੇਖਕਾਂ, ਬੁੱਧੀਜੀਵੀਆਂ ਅਤੇ ਸਮਾਜਿਕ ਕਾਰਕੁੰਨਾਂ ਦਾ ਨੈਤਿਕ ਫਰਜ਼ ਹੈ, ਪਰ ਸਰਕਾਰਾਂ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਉਲਟਾ ਸਵਾਲ ਕਰਨ ਵਾਲੀਆਂ ਆਵਾਜ਼ਾਂ ਨੂੰ ਧੱਕੇਸ਼ਾਹੀ ਰਾਹੀਂ ਦਬਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ | ਮੀਟਿੰਗ ਵਿਚ ਇਹ ਵੀ ਕਿਹਾ ਗਿਆ ਕਿ ਲੋਕ ਆਪਣੇ ਹੱਕਾਂ ਲਈ ਸੰਘਰਸ਼ਾਂ ਦੇ ਰਾਹ 'ਤੇ ਹਨ, ਪਰ ਸਰਕਾਰਾਂ ਵੱਲੋਂ ਇਨ੍ਹਾਂ ਸੰਘਰਸ਼ਾਂ ਨੂੰ ਦਬਾਉਣ ਲਈ ਧੱਕੇਸ਼ਾਹੀ ਦਾ ਸਹਾਰਾ ਲਿਆ ਜਾ ਰਿਹਾ ਹੈ, ਜੋ ਲੋਕਤੰਤਰ ਲਈ ਖ਼ਤਰਨਾਕ ਹੈ | ਸੁਸਾਇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ | ਇਸ ਮੌਕੇ ਚੰਡੀਗੜ੍ਹ ਜ਼ੋਨ ਦੇ ਆਗੂ ਅਜੀਤ ਪ੍ਰਦੇਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ੍ਸ਼ਨ ਬਰਗਾੜੀ ਯਾਦਗਾਰੀ ਸਮਾਗਮ ਤਰਕਸ਼ੀਲ ਭਵਨ ਬਰਨਾਲਾ ਵਿਖੇ 8 ਫਰਵਰੀ 2026 ਨੂੰ ਕਰਵਾਇਆ ਜਾਵੇਗਾ | ਇਸ ਦੌਰਾਨ ਕਿ੍ਸ਼ਨ ਯਾਦਗਾਰੀ ਅਵਾਰਡ ਪ੍ਰਸਿੱਧ ਸਮਾਜਿਕ ਚਿੰਤਕ ਅਤੇ ਜਮਹੂਰੀ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੀ ਸ਼ਖ਼ਸੀਅਤ ਡਾ. ਨਵਸ਼ਰਨ ਨੂੰ ਦਿੱਤਾ ਜਾਵੇਗਾ | ਮੀਟਿੰਗ ਵਿਚ ਜ਼ੋਨਲ ਵਿੱਤ ਮੁਖੀ ਸ਼ੈਲਿੰਦਰ (ਕੁਰਾਲੀ), ਹਰਵਿੰਦਰ ਸੁਖਰਾਮਪੁਰੀ, ਅਮਰਨਾਥ, ਇਕਬਾਲ ਬੇਲਾ, ਅਸ਼ੋਕ ਕੁਮਾਰ, ਮਾਸਟਰ ਪਰਵਿੰਦਰ ਅਤੇ ਅਜੀਤ ਪ੍ਰਦੇਸੀ ਸਮੇਤ ਹੋਰ ਮੈਂਬਰ ਹਾਜ਼ਰ ਸਨ |