ਰੂਪਨਗਰ, 5 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਬੜੀ ਹਵੇਲੀ ਤੋਂ ਨਗਰ ਕੀਰਤਨ ਸਜਾਇਆ ਗਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਿੱਸਾ ਲਿਆ ਅਤੇ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ (ਟਿੱਬੀ ਸਾਹਿਬ) ਦੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਨੇ ਅਰਦਾਸ ਕੀਤੀ | ਇਸ ਤੋਂ ਬਾਅਦ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ ਅਤੇ ਸੰਗਤਾਂ ਦੁਆਰਾ 'ਸਤਿਨਾਮ ਵਾਹਿਗੁਰੂ' ਦਾ ਜਾਪ ਕੀਤਾ ਗਿਆ | ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਤੋਂ ਸ਼ੁਰੂ ਹੋਇਆ ਤੇ ਨਰਿੰਦਰਾ ਕਲੋਨੀ, ਸ਼ਹੀਦ ਭਗਤ ਸਿੰਘ ਨਗਰ, ਡੀ. ਸੀ. ਨਿਵਾਸ, ਡਾ. ਬੀ.ਆਰ. ਅੰਬੇਡਕਰ ਚੌਂਕ, ਮਹਾਰਾਜਾ ਰਣਜੀਤ ਸਿੰਘ ਬਾਗ਼ ਅਤੇ ਹੈੱਡ ਵਰਕਸ ਪੁਲ ਤੋਂ ਹੁੰਦਾ ਹੋਇਆ ਗੁਰਦੁਆਰਾ ਟਿੱਬੀ ਸਾਹਿਬ ਪਹੁੰਚਿਆ | ਇਸ ਮੌਕੇ ਰਾਗੀ, ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਫਿਰ ਨਗਰ ਕੀਰਤਨ ਹੈੱਡ ਵਰਕਸ ਪੁਲ, ਐੱਸ.ਐੱਸ.ਪੀ. ਨਿਵਾਸ, ਕਾਲਜ ਰੋਡ ਅਤੇ ਹਵੇਲੀ ਰੋਡ ਤੋਂ ਹੁੰਦਾ ਹੋਇਆ ਅੰਤ ਵਿਚ ਸ਼ਾਮ ਨੂੰ ਗੁਰਦੁਆਰਾ ਸਾਹਿਬ ਪਹੁੰਚਿਆ | ਇਸ ਮੌਕੇ ਨੌਜਵਾਨਾਂ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ | ਨਗਰ ਕੀਰਤਨ ਦੌਰਾਨ ਫੁੱਲਾਂ ਦੀ ਵਰਖਾ ਕੀਤੀ ਗਈ ਤੇ ਸੰਗਤਾਂ ਨੂੰ ਚਾਹ, ਬਰੈੱਡ-ਪਕੌੜੇ, ਬਿਸਕੁਟ ਆਦਿ ਦਾ ਲੰਗਰ ਵਰਤਾਇਆ ਗਿਆ |