ਰੂਪਨਗਰ, 6 ਜਨਵਰੀ (ਸਤਨਾਮ ਸਿੰਘ ਸੱਤੀ)-ਨਹਿਰੂ ਸਟੇਡੀਅਮ ਰੂਪਨਗਰ ਵਿਖੇ 26 ਜਨਵਰੀ 2026 ਨੂੰ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮਾਰੋਹ ਦੌਰਾਨ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਹਦਾਇਤ ਕੀਤੀ | ਮੀਟਿੰਗ ਦੌਰਾਨ ਸਮਾਗਮ ਸਥਾਨ ਦੀ ਸਾਫ਼-ਸਫ਼ਾਈ, ਸਟੇਜ ਸਜਾਵਟ, ਬੈਠਕ ਪ੍ਰਬੰਧ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ, ਮਾਰਚ ਪਾਸਟ, ਝਾਕੀਆਂ, ਇਨਾਮਾਂ ਦੀ ਵੰਡ ਅਤੇ ਮੁੱਢਲੀ ਸਹਾਇਤਾ ਸਬੰਧੀ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਉਨ੍ਹਾਂ ਦੱਸਿਆ ਕਿ 19, 21 ਅਤੇ 22 ਜਨਵਰੀ ਨੂੰ ਰਿਹਰਸਲ ਅਤੇ 24 ਜਨਵਰੀ ਨੂੰ ਫ਼ੁਲ ਡਰੈੱਸ ਰਿਹਰਸਲ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਵਰਤਣ ਦੇ ਸਪਸ਼ਟ ਆਦੇਸ਼ ਜਾਰੀ ਕੀਤੇ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਐੱਸ.ਪੀ. ਅਰਵਿੰਦ ਮੀਨਾ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ |