ਸ੍ਰੀ ਅਨੰਦਪੁਰ ਸਾਹਿਬ, 6 ਜਨਵਰੀ (ਕਰਨੈਲ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਪੰਜਾਬੀ ਤੱਕ ਸੁਰੱਖਿਅਤ, ਮਜ਼ਬੂਤ ਅਤੇ ਟਿਕਾਊ ਸੜਕਾਂ ਦੀ ਸੁਵਿਧਾ ਪਹੁੰਚਾਉਣਾ ਹੈ | ਉਨ੍ਹਾਂ ਦੱਸਿਆ ਕਿ ਸੂਬੇ ਭਰ 'ਚ ਚੱਲ ਰਹੇ ਸੜਕ ਵਿਕਾਸ ਦੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਆਵਾਜਾਈ 'ਚ ਸੁਵਿਧਾ, ਵਪਾਰ, ਉਦਯੋਗ ਤੇ ਖੇਤੀਬਾੜੀ ਨੂੰ ਹੋਰ ਮਜ਼ਬੂਤੀ ਮਿਲੇ | ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਸੜਕਾਂ ਦੀ ਗੁਣਵੱਤਾ ਨਾਲ ਸਮਝੌਤਾ ਕੀਤਾ ਜਾਂਦਾ ਸੀ, ਜਿਸ ਕਾਰਨ ਕੁੱਝ ਸਮੇਂ ਬਾਅਦ ਹੀ ਸੜਕਾਂ ਟੁੱਟ ਜਾਂਦੀਆਂ ਸਨ, ਪਰ ਉਨ੍ਹਾਂ ਦੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਹੁਣ ਹਰ ਵਿਕਾਸ ਕੰਮ ਗੁਣਵੱਤਾ ਤੇ ਪਾਰਦਰਸ਼ਤਾ ਨਾਲ ਕੀਤਾ ਜਾਵੇਗਾ | ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸੜਕਾਂ ਸਿਰਫ਼ ਬਣਾਉਣੀ ਹੀ ਨਹੀਂ, ਸਗੋਂ ਲੰਮੇ ਸਮੇਂ ਤੱਕ ਚੱਲਣ ਯੋਗ ਹੋਣੀ ਚਾਹੀਦੀ ਹੈ | ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕਾਂ ਦੇ ਕੰਮਾਂ ਦੀ ਨਿਰੰਤਰ ਅਤੇ ਕੜੀ ਨਿਗਰਾਨੀ ਲਈ 'ਸੀ. ਐਮ. ਫਲਾਇੰਗ ਸਕੂਐਡ' ਨੂੰ ਸਰਗਰਮ ਕੀਤਾ ਗਿਆ ਹੈ | ਇਹ ਟੀਮ ਅਚਾਨਕ ਮੌਕੇ 'ਤੇ ਪਹੁੰਚ ਕੇ ਕੰਮ ਦੀ ਗੁਣਵੱਤਾ, ਮਟੀਰੀਅਲ ਅਤੇ ਮਿਆਰ ਦੀ ਜਾਂਚ ਕਰਦੀ ਹੈ | ਜੇ ਕਿਸੇ ਵੀ ਪ੍ਰੋਜੈਕਟ 'ਚ ਘਾਟ ਜਾਂ ਲਾਪਰਵਾਹੀ ਪਾਈ ਜਾਂਦੀ ਹੈ ਤਾਂ ਸੰਬੰਧਿਤ ਠੇਕੇਦਾਰਾਂ ਅਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ | ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੀ. ਐੱਮ. ਫਲਾਇੰਗ ਸਕੂਐਡ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਪੈਸੇ ਦਾ ਸਹੀ ਇਸਤੇਮਾਲ ਹੋਵੇ ਅਤੇ ਲੋਕਾਂ ਨੂੰ ਭਰੋਸੇਯੋਗ ਵਿਕਾਸ ਮਿਲੇ | ਉਨ੍ਹਾਂ ਦੱਸਿਆ ਕਿ ਇਸ ਪ੍ਰਣਾਲੀ ਨਾਲ ਸੜਕਾਂ ਦੀ ਗੁਣਵੱਤਾ ਵਿਚ ਸਪਸ਼ਟ ਸੁਧਾਰ ਆਇਆ ਹੈ ਅਤੇ ਲੋਕਾਂ ਦਾ ਸਰਕਾਰ 'ਤੇ ਭਰੋਸਾ ਹੋਰ ਮਜ਼ਬੂਤ ਹੋਇਆ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਿਕਾਸ ਦੇ ਮਾਮਲੇ 'ਚ ਕੋਈ ਸਮਝੌਤਾ ਨਹੀਂ ਕਰੇਗੀ |