ਨੰਗਲ, 24 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 22 ਜਨਵਰੀ ਨੂੰ ਮੋਹਾਲੀ ਵਿਚ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਆਪਣੇ ਵਿਧਾਨ ਸਭਾ ਹਲਕੇ ਦੇ ਹਰ ਪਰਿਵਾਰ ਤੱਕ ਸਰਕਾਰੀ ਯੌਜਨਾਵਾਂ ਦਾ ਲਾਭ ਪਹੁੰਚਾਉਣ ਦੀ ਵਚਨਬੱਧਤਾ ਨੂੰ ਸੰਜੀਦਗੀ ਨਾਲ ਪੂਰਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਡਾ. ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਰੂਪਨਗਰ ਨੇ ਨੰਗਲ ਵਿਖੇ ਵਾਰਡ ਨੰ:2 ਵਿਚ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕਰਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗ਼ਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿਚ ਫੈਸਲਾਕੁੰਨ ਬਦਲਾਅ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਚੋਣਾਂ ਤੋਂ ਪਹਿਲਾਂ ਦਿੱਤੀਆਂ ਗਰੰਟੀਆਂ ਵਿਚੋਂ ਇਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਤੇ ਟੈੱਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ਵਿਚ ਦਾਖ਼ਲ ਹੁੰਦਾ ਹੈ, ਸਭ ਕੁੱਝ ਮੁਫ਼ਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਕਾਰਡ ਸਾਰਿਆਂ ਲਈ ਹੈ ਤੇ 65 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ। ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਸਾਹਮਣੇ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ। ਡਾ. ਗੌਤਮ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਸਿੱਖਿਆ ਅਤੇ ਸਿਹਤ ਵਰਗੀਆਂ ਮਿਆਰੀ ਸਹੂਲਤਾਂ ਮੁਹੱਈਆ ਹੋਣਗੀਆਂ ਤੇ ਉਹ ਵਾਅਦਾ ਪੂਰਾ ਕੀਤਾ ਹੈ। ਇਸ ਮੌਕੇ ਸੁਮਿਤ ਭਾਰਦਵਾਜ ਯੂਥ ਪ੍ਰਧਾਨ, ਨਿਸ਼ਾਂਤ ਗੁਪਤਾ ਐਡਵੋਕੇਟ, ਸਾਗਰ ਸੋਬਤੀ, ਅਭਿਸ਼ੇਕ ਕੁਮਾਰ, ਕਮਲ ਆਦਿ ਹਾਜ਼ਰ ਸਨ।