ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਕਰਨੈਲ ਸਿੰਘ)-2016 ਬੈਚ ਦੇ ਆਈ.ਏ.ਐੱਸ. ਅਧਿਕਾਰੀ ਅਦਿੱਤਿਆ ਡਚਲਵਾਲ ਅੱਜ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਆਪਣਾ ਅਹੁਦਾ ਸੰਭਾਲਣ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਏ | ਜਿੱਥੇ ਅਦਿੱਤਿਆ ਡਚਲਵਾਲ ਨੇ ਸਮੁੱਚੀ ਲੋਕਾਈ ਦੀ ਭਲਾਈ ਲਈ ਅਰਦਾਸ ਕੀਤੀ | ਉਨ੍ਹਾਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਵੀ ਸਰਵਣ ਕੀਤਾ | ਉਨ੍ਹਾਂ ਦੇ ਨਾਲ ਧਰਮ ਪਤਨੀ ਰੇਨਾ ਤੇ ਪੁੱਤਰੀ ਵੀ ਮੋਜੂਦ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਾਂ ਵਾਲਾ ਮਹਿਸੂਸ ਕਰ ਰਹੇ ਹਨ, ਜਿਨ੍ਹਾਂ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਰਗੀ ਪਵਿੱਤਰ ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਤੱਕ ਸਮੇਂ ਸਿਰ ਪਹੁੰਚਾਉਣਾ ਪ੍ਰਸ਼ਾਸਨ ਦੀ ਤਰਜੀਹ ਹੋਵੇਗੀ | ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਬਿਹਤਰ, ਪ੍ਰਸ਼ਾਸਨਿਕ ਸੇਵਾਵਾਂ ਅਤੇ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਨੂੰ ਤਰਜੀਹ ਦਿੱਤੀ ਜਾਵੇਗੀ | ਅਦਿੱਤਿਆ ਡਚਲਵਾਲ ਆਈ.ਏ.ਐੱਸ ਇਸ ਤੋ ਪਹਿਲਾ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਸਮੇਤ ਵੱਖ-ਵੱਖ ਅਹੁਦਿਆਂ ਉੱਤੇ ਸੇਵਾਵਾਂ ਨਿਭਾ ਚੁੱਕੇ ਹਨ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਅਤੇ ਉਨ੍ਹਾਂ ਦੀ ਧਰਮ ਪਤਨੀ ਰੇਨਾ ਅਤੇ ਪੁੱਤਰੀ ਦਾ ਸਿਰਾਪਾਓ ਪਾ ਕੇ ਵਿਸੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ, ਜਸ਼ਨਦੀਪ ਸਿੰਘ ਡੀ.ਐੱਸ.ਪੀ, ਵਧੀਕ ਮੈਨੇਜਰ ਹਰਦੇਵ ਸਿੰਘ, ਤਹਿਸੀਲਦਾਰ ਵਿਨੋਦ ਕੁਮਾਰ ਵੀ ਮੌਜੂਦ ਸਨ |