ਕਾਹਨਪੁਰ ਖੂਹੀ, 31 ਜਨਵਰੀ (ਗੁਰਬੀਰ ਸਿੰਘ ਵਾਲੀਆ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਤਹਿਤ ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਝੱਜ ਵਿਖੇ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ | ਇਸ ਕੈਂਪ ਦਾ ਮੁੱਖ ਮਕਸਦ ਪਿੰਡ ਵਾਸੀਆਂ ਦੇ ਸਿਹਤ ਬੀਮਾ ਕਾਰਡ ਤਿਆਰ ਕਰਨਾ ਅਤੇ ਉਨ੍ਹਾਂ ਨੂੰ ਯੋਜਨਾ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਾ ਸੀ | ਕੈਂਪ ਦੌਰਾਨ ਸਵੇਰੇ ਤੋਂ ਹੀ ਪਿੰਡ ਵਿਚ ਰੌਣਕ ਵਾਲਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਪੁਰਸ਼ਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਟੀਮ ਵੱਲੋਂ ਮੌਕੇ 'ਤੇ ਹੀ ਰਜਿਸਟਰੇਸ਼ਨ ਪ੍ਰਕਿਰਿਆ ਪੂਰੀ ਕਰਕੇ ਯੋਗ ਪਿੰਡ ਵਾਸੀਆਂ ਦੇ ਸਿਹਤ ਬੀਮਾ ਕਾਰਡ ਬਣਾਏ ਗਏ | ਟੀਮ ਮੈਂਬਰਾਂ ਨੇ ਲੋਕਾਂ ਨੂੰ ਦੱਸਿਆ ਕਿ ਇਸ ਯੋਜਨਾ ਅਧੀਨ ਲਾਭਪਾਤਰੀਆਂ ਨੂੰ ਸਰਕਾਰੀ ਅਤੇ ਚੁਣੀਦਾ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਪ੍ਰਾਪਤ ਹੋ ਸਕਦਾ ਹੈ, ਜਿਸ ਨਾਲ ਗ਼ਰੀਬ ਅਤੇ ਮੱਧ ਵਰਗ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ | ਇਸ ਮੌਕੇ ਪਿੰਡ ਵਾਸੀਆਂ ਨੂੰ ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਅਤੇ ਕਈ ਲੋਕਾਂ ਦੀਆਂ ਸ਼ੰਕਾਵਾਂ ਦਾ ਮੌਕੇ 'ਤੇ ਹੀ ਨਿਵਾਰਨ ਕੀਤਾ ਗਿਆ | ਟੀਮ ਵਲੋਂ ਇਹ ਵੀ ਦੱਸਿਆ ਗਿਆ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਇਸ ਤਰ੍ਹਾਂ ਦੇ ਕੈਂਪ ਲਗਾ ਕੇ ਹਰ ਯੋਗ ਨਾਗਰਿਕ ਤੱਕ ਯੋਜਨਾ ਦਾ ਲਾਭ ਪਹੁੰਚਾਇਆ ਜਾਵੇਗਾ | ਪਿੰਡ ਦੇ ਰਹਿਣ ਵਾਲਿਆਂ ਨੇ ਪੰਜਾਬ ਸਰਕਾਰ ਦੀ ਇਸ ਯੋਜਨਾ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਅੱਜ ਕੱਲ੍ਹ ਮਹਿੰਗੇ ਇਲਾਜ ਕਾਰਨ ਆਮ ਆਦਮੀ ਲਈ ਸਿਹਤ ਸਹੂਲਤਾਂ ਲੈਣਾ ਮੁਸ਼ਕਲ ਹੋ ਗਿਆ ਹੈ, ਅਜਿਹੇ ਵਿਚ ਇਹ ਬੀਮਾ ਯੋਜਨਾ ਬਹੁਤ ਹੀ ਲਾਭਕਾਰੀ ਸਾਬਤ ਹੋਵੇਗੀ | ਉਨ੍ਹਾਂ ਨੇ ਹਲਕਾ ਵਿਧਾਇਕ ਦਿਨੇਸ਼ ਚੱਢਾ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਕੈਂਪ ਲਗਾ ਕੇ ਕਾਰਡ ਬਣਾਉਣਾ ਕਾਬਿਲ-ਏ-ਤਾਰੀਫ਼ ਕਦਮ ਹੈ | ਪਿੰਡ ਵਾਸੀਆਂ ਨੇ ਆਸ ਜਤਾਈ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਇਸੇ ਤਰ੍ਹਾਂ ਜ਼ਮੀਨੀ ਪੱਧਰ 'ਤੇ ਲਾਗੂ ਹੁੰਦੀਆਂ ਰਹਿਣਗੀਆਂ ਤਾਂ ਜੋ ਹਰ ਜ਼ਰੂਰਤਮੰਦ ਪਰਿਵਾਰ ਨੂੰ ਸਮੇਂ ਸਿਰ ਇਲਾਜ ਅਤੇ ਸਹਾਇਤਾ ਮਿਲ ਇਸ ਮੌਕੇ ਬਲਾਕ ਪ੍ਰਧਾਨ ਮਾਸਟਰ ਬਿਹਾਰੀ ਲਾਲ, ਸੂਰਜ ਕੁਮਾਰ ਸਰਪੰਚ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਰਜਨੀ ਦੇਵੀ, ਮਹਿੰਦਰ ਸਿੰਘ, ਸ਼ਿੰਦੂ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |