ਨੂਰਪੁਰ ਬੇਦੀ, 1 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਤਹਿਤ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀਆਂ ਹਦਾਇਤਾਂ ਅਨੁਸਾਰ ਬਲਾਕ ਕੋਆਰਡੀਨੇਟਰ ਬਲਵੀਰ ਚੰਦ ਭੋਲੇਵਾਲ ਦੀ ਅਗਵਾਈ ਹੇਠ ਪਿੰਡ ਕੱਟਾ ਵਿਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਉਦੇਸ਼ ਪਿੰਡ ਵਾਸੀਆਂ ਦੇ ਸਿਹਤ ਬੀਮਾ ਕਾਰਡ ਤਿਆਰ ਕਰਨਾ ਅਤੇ ਉਨ੍ਹਾਂ ਨੂੰ ਸਕੀਮ ਨਾਲ ਜੁੜੇ ਲਾਭਾਂ ਬਾਰੇ ਜਾਣੂ ਕਰਵਾਉਣਾ ਸੀ | ਵਿਧਾਇਕ ਚੱਢਾ ਦੀ ਟੀਮ ਨੇ ਮੌਕੇ 'ਤੇ ਹੀ ਰਜਿਸਟਰੇਸ਼ਨ ਦੀ ਕਾਰਵਾਈ ਪੂਰੀ ਕਰਕੇ ਲਾਭਪਾਤਰੀਆਂ ਦੇ ਸਿਹਤ ਬੀਮਾ ਕਾਰਡ ਤਿਆਰ ਕੀਤੇ | ਟੀਮ ਮੈਂਬਰਾਂ ਵਲੋਂ ਦੱਸਿਆ ਗਿਆ ਕਿ ਇਸ ਸਕੀਮ ਅਧੀਨ ਲਾਭਪਾਤਰਾਂ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ, ਜਿਸ ਨਾਲ ਗ਼ਰੀਬ ਅਤੇ ਮੱਧ ਵਰਗ ਪਰਿਵਾਰਾਂ ਨੂੰ ਵੱਡੀ ਸਹੂਲਤ ਮਿਲੇਗੀ | ਪਿੰਡ ਵਾਸੀਆਂ ਨੂੰ ਲੋੜੀਂਦੇ ਦਸਤਾਵੇਜ਼ਾਂ ਸੰਬੰਧੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਲੋਕਾਂ ਦੇ ਸਵਾਲਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ | ਟੀਮ ਵਲੋਂ ਇਹ ਵੀ ਸਪਸ਼ਟ ਕੀਤਾ ਗਿਆ ਕਿ ਹਲਕੇ ਦੇ ਹੋਰ ਪਿੰਡਾਂ ਵਿਚ ਵੀ ਇਸ ਤਰ੍ਹਾਂ ਦੇ ਕੈਂਪ ਲਗਾ ਕੇ ਇਸ ਸਕੀਮ ਦਾ ਲਾਭ ਪਹੁੰਚਾਇਆ ਜਾਵੇਗਾ | ਪਿੰਡ ਵਾਸੀਆਂ ਨੇ ਪੰਜਾਬ ਸਰਕਾਰ, ਵਿਧਾਇਕ ਚੱਢਾ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਕੈਂਪ ਲਗਾ ਕੇ ਕਾਰਡ ਤਿਆਰ ਕਰਨਾ ਸ਼ਲਾਘਾਯੋਗ ਉਪਰਾਲਾ ਹੈ | ਇਸ ਮੌਕੇ ਪੰਚ ਜਗਤਾਰ ਸਿੰਘ, ਭਾਗ ਸਿੰਘ, ਕੇਵਲ ਰਾਮ, ਸਿੰਦੋਂ ਦੇਵੀ, ਸਾਹਿਲ ਕੁਮਾਰ, ਰਚਨਾ ਦੇਵੀ, ਯੋਗਰਾਜ ਸਿੰਘ, ਪੰਚ ਰਾਮ ਦੁਲਾਰੀ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |