ਸ੍ਰੀ ਅਨੰਦਪੁਰ ਸਾਹਿਬ, 2 ਫਰਵਰੀ (ਜੇ ਐਸ ਨਿੱਕੂਵਾਲ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇਸ਼ਾਂ ਅਨੁਸਾਰ ਚਾਈਨਾ ਡੋਰ ਦੀ ਵਰਤੋਂ ਅਤੇ ਵਿਕਰੀ 'ਤੇ ਰੋਕ ਲਗਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸਖ਼ਤ ਕਾਰਵਾਈ ਕੀਤੀ ਗਈ | ਇਸ ਮੁਹਿੰਮ ਤਹਿਤ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਰੂਪਨਗਰ ਅਤੇ ਨਗਰ ਕੌਂਸਲ ਦੀ ਸਾਂਝੀ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਛਾਪੇਮਾਰੀ ਕੀਤੀ ਗਈ, ਜਿਸ ਤਹਿਤ ਕਚਹਿਰੀ ਸ਼ੜਕ, ਚੋਈ ਬਾਜ਼ਾਰ ਅਤੇ ਨਵੀਂ ਆਬਾਦੀ ਸਮੇਤ ਸ਼ਹਿਰ ਦੇ ਵੱਖ-ਵੱਖ ਪਤੰਗਾਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਚਾਈਨਾ ਡੋਰ ਦੀ ਮੌਜੂਦਗੀ ਨੂੰ ਲੈ ਕੇ ਸਖ਼ਤੀ ਨਾਲ ਨਿਗਰਾਨੀ ਕੀਤੀ ਗਈ |ਅਧਿਕਾਰੀਆਂ ਨੇ ਦੱਸਿਆ ਕਿ ਚਾਈਨਾ ਡੋਰ ਨਾ ਸਿਰਫ਼ ਪੰਛੀਆਂ ਲਈ ਘਾਤਕ ਸਾਬਤ ਹੋ ਰਹੀ ਹੈ, ਸਗੋਂ ਮਨੁੱਖੀ ਜਾਨ ਲਈ ਵੀ ਵੱਡਾ ਖ਼ਤਰਾ ਬਣ ਚੁੱਕੀ ਹੈ | ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ਦੌਰਾਨ ਚਾਈਨਾ ਡੋਰ ਕਾਰਨ ਕਈ ਦਰਦਨਾਕ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਵਿਚ ਰਾਹਗੀਰਾਂ ਦੇ ਗਲ ਵੱਢੇ ਜਾਣ ਅਤੇ ਗੰਭੀਰ ਸਰੀਰਕ ਚੋਟਾਂ ਦੇ ਮਾਮਲੇ ਸਾਹਮਣੇ ਆਏ ਹਨ | ਪ੍ਰਸ਼ਾਸਨ ਵਲੋਂ ਦੁਕਾਨਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਕਿ ਚਾਈਨਾ ਡੋਰ ਦੀ ਵਿਕਰੀ ਜਾਂ ਸਟਾਕ ਮਿਲਣ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਵਿਪਨ ਜਿੰਦਲ, ਹਿਮਾਨੀ ਗੋਇਲ , ਸੰਗੀਤ ਕੁਮਾਰ, ਮਦਨ ਲਾਲ ਐਡਵੋਕੇਟ ਮਨਦੀਪ ਸਿੰਘ, ਪਰਮਲ ਸਿੰਘ ਕੁਲਗਰਾਂ, ਸੁਲਿੰਦਰ ਕੁਮਾਰ ਸੈਂਟੂ, ਸ਼ਾਮ ਲਾਲ ਕਰੂਰਾ, ਪਰਮਜੀਤ ਸਿੰਘ ਸੋਨੂੰ ਆਦਿ ਹਾਜ਼ਰ ਸਨ |