ਰੂਪਨਗਰ, 3 ਫਰਵਰੀ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ 'ਤੇ ਰੂਪਨਗਰ ਦੇ ਪਿੰਡ ਸ਼ਾਮਪੁਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਗਏ | ਇਹ ਸਮਾਗਮ ਸਮੂਹ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਯੂਥ ਕਲੱਬ ਦੇ ਨੌਜਵਾਨਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਗੁਰੂ ਚਰਨਾਂ ਵਿਚ ਨਮਨ ਕੀਤਾ ਅਤੇ ਸੰਗਤਾਂ ਨਾਲ ਮਿਲ ਕੇ ਗੁਰੂ ਰਵਿਦਾਸ ਜੀ ਦੀ ਮਹਾਨ ਵਿਚਾਰਧਾਰਾ ਨੂੰ ਸਿਮਰਿਆ | ਸਮਾਗਮ ਦੌਰਾਨ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਤੇ ਉਪਦੇਸ਼ਾਂ ਨੂੰ ਸਮਰਪਿਤ ਸ਼ਬਦ ਕੀਰਤਨ ਅਤੇ ਧਾਰਮਿਕ ਵਿਚਾਰਾਂ ਦੀ ਸਾਂਝ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਮਨੁੱਖ ਨੂੰ ਸਚਾਈ, ਕਰੁਣਾ ਅਤੇ ਸਮਾਨਤਾ ਦੇ ਮਾਰਗ 'ਤੇ ਤੁਰਨ ਲਈ ਪ੍ਰੇਰਿਤ ਕਰਦੀ ਹੈ ਅਤੇ ਇਹ ਸਿੱਖਿਆਵਾਂ ਅੱਜ ਦੇ ਸਮਾਜ ਲਈ ਵੀ ਬਹੁਤ ਪ੍ਰਸੰਗਕ ਹਨ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਜਾਤ-ਪਾਤ, ਭੇਦਭਾਵ ਅਤੇ ਉੱਚ-ਨੀਚ ਤੋਂ ਉੱਪਰ ਉ~ਠ ਕੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਹੈ | ਸਮਾਗਮ ਦੇ ਅੰਤ ਵਿਚ ਪ੍ਰਬੰਧਕ ਕਮੇਟੀ ਵਲੋਂ ਵਿਧਾਇਕ ਦਿਨੇਸ਼ ਚੱਢਾ ਦਾ ਯਾਦਗਾਰੀ ਤੌਰ 'ਤੇ ਸਨਮਾਨ ਕੀਤਾ ਗਿਆ ਅਤੇ ਸੰਗਤਾਂ ਲਈ ਲੰਗਰ ਦੀ ਸੇਵਾ ਕੀਤੀ ਗਈ | ਇਸ ਮੌਕੇ ਬਲਾਕ ਸੰਮਤੀ ਮੈਂਬਰ ਸੰਦੀਪ ਸਿੰਘ ਦੀਪ ਲੋਚਨ, ਸਰਪੰਚ ਰਾਜ ਰਾਣੀ, ਸਾਬਕਾ ਸਰਪੰਚ ਕੁਲਵੰਤ ਸਿੰਘ, ਅਮਰਜੀਤ ਸਿੰਘ ਭੁੱਲਰ, ਜਸਵਿੰਦਰ ਪਾਲ ਸਿੰਘ ਭੁੱਲਰ, ਪਰਗਟ ਸਿੰਘ ਲਾਡੀ, ਸੰਦੀਪ ਸਿੰਘ ਫ਼ੌਜੀ, ਕੁਲਦੀਪ ਸਿੰਘ, ਹਰਦੀਪ ਸਿੰਘ, ਬਲਵਿੰਦਰ ਸਿੰਘ ਲੱਕੀ, ਮਨਦੀਪ ਸਿੰਘ ਰਿੰਕੂ, ਹਰਜੀਤ ਸਿੰਘ ਕਾਕੂ, ਅਜੇ ਕੁਮਾਰ, ਕੁਲਜਿੰਦਰ ਸਿੰਘ, ਕਰਨ ਸਿੰਘ, ਦਿਲਬਾਗ ਸਿੰਘ, ਸੰਤ ਰਾਮ, ਸਤਨਾਮ ਸਿੰਘ ਲਾਡੀ, ਪਰਮਿੰਦਰ ਸਿੰਘ ਪੱਪੀ, ਅਰਸ਼ਪ੍ਰੀਤ ਸਿੰਘ ਆਦਿ ਹਾਜ਼ਰ ਰਹੇ | ਉਨ੍ਹਾਂ ਸਮੂਹ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਪਹੁੰਚੇ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ |