ਪੁਰਖਾਲੀ, 3 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਪੰਜੋਲੀ ਵਿਖੇ ਸੰਤ ਬਾਬਾ ਭੋਲਾ ਸਿੰਘ ਦੀ ਯਾਦ ਵਿਚ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਟੂਰਨਾਮੈਂਟ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਖਿਡਾਰੀਆਂ ਤੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਸ਼ਖ਼ਸੀਅਤ ਨਿਰਮਾਣ ਵਿਚ ਅਹੰਮ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਆਖਿਆ ਕਿ ਖੇਡ ਮੈਦਾਨਾਂ ਨਾਲ ਜੁੜੇ ਨੌਜਵਾਨ ਸਿਹਤਮੰਦ ਰਹਿੰਦੇ ਹਨ ਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿੰਦੇ ਹਨ | ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖੇਡਾਂ ਦੇ ਵਿਕਾਸ ਲਈ ਲਗਾਤਾਰ ਠੋਸ ਉਪਰਾਲੇ ਕਰ ਰਹੀ ਹੈ | ਸਰਕਾਰ ਵੱਲੋਂ ਪਿੰਡ ਅਤੇ ਸ਼ਹਿਰ ਪੱਧਰ 'ਤੇ ਖੇਡ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਨਵੇਂ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਅਤੇ ਖਿਡਾਰੀਆਂ ਨੂੰ ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਇਸ ਵਾਲੀਬਾਲ ਟੂਰਨਾਮੈਂਟ ਵਿਚ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੀਆਂ ਟੀਮਾਂ ਨੇ ਵੱਧ-ਚੜ੍ਹ ਕੇ ਭਾਗ ਲਿਆ | ਇਸ ਮੌਕੇ ਟੂਰਨਾਮੈਂਟ ਦੇ ਪ੍ਰਬੰਧਕਾਂ ਵਲੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਸਨਮਾਨ ਕੀਤਾ ਗਿਆ | ਪਿੰਡ ਵਾਸੀਆਂ ਵਲੋਂ ਵੀ ਅਜਿਹੇ ਖੇਡ ਸਮਾਗਮਾਂ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਪਿੰਡਾਂ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤੀ ਮਿਲਦੀ ਹੈ |