ਸ੍ਰੀ ਚਮਕੌਰ ਸਾਹਿਬ, 3 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਦੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਪਿ੍ੰਸੀਪਲ ਡਾਕਟਰ ਬਲਜੀਤ ਸਿੰਘ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦੇ ਕੇ ਕੀਤੀ ਤੇ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਮਹੱਤਵਪੂਰਨ ਹਿੱਸਾ ਹਨ ਤੇ ਤੰਦਰੁਸਤ ਰਹਿਣ ਲਈ ਸਾਨੂੰ ਖੇਡਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ | ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋਫੈਸਰ ਮਧੂ ਡਡਵਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੂੰ ਚਾਰ ਹਾਊਸਾਂ ਵਿਚ ਵੰਡਿਆ ਗਿਆ | ਇਨ੍ਹਾਂ ਮੁਕਾਬਲਿਆਂ ਵਿਚ ਲੜਕੇ ਵਰਗ 'ਚ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਪਹਿਲਾ ਸਥਾਨ, ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਦੂਜਾ ਸਥਾਨ, ਸਾਹਿਬਜ਼ਾਦਾ ਜੋਰਾਵਰ ਸਿੰਘ ਹਾਊਸ ਨੇ ਤੀਜਾ ਸਥਾਨ 'ਤੇ ਲੜਕੀਆਂ ਵਰਗ 'ਚ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਪਹਿਲਾ ਸਥਾਨ, ਸਾਹਿਬਜ਼ਾਦਾ ਫ਼ਤਹਿ ਸਿੰਘ ਹਾਊਸ ਨੇ ਦੂਜਾ ਸਥਾਨ, ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਿਲ ਕੀਤਾ | ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |