ਪੁਰਖਾਲੀ, 4 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਪੰਜਾਬ ਸਰਕਾਰ ਵਲੋ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਮੀਆਂਪੁਰ ਵਿਚ ਇਕ ਵਿਸ਼ੇਸ਼ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ | ਇਹ ਕੈਂਪ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਵਿਚ ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਕੈਂਪ ਦਾ ਜਾਇਜ਼ਾ ਲਿਆ | ਕੈਂਪ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਅਤੇ ਆਪਣੀ ਟੀਮ ਨਾਲ ਗੱਲਬਾਤ ਕਰਦਿਆਂ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਹਰੇਕ ਯੋਗ ਵਿਅਕਤੀ ਦਾ ਸਿਹਤ ਬੀਮਾ ਯੋਜਨਾ ਕਾਰਡ ਬਣਾਉਣਾ ਅਤਿ ਲਾਜ਼ਮੀ ਯਕੀਨੀ ਬਣਾਇਆ ਜਾਵੇ ਤੇ ਕਿਸੇ ਨੂੰ ਵੀ ਰਜਿਸਟਰੇਸ਼ਨ ਦੌਰਾਨ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਇਹ ਯੋਜਨਾ ਗ਼ਰੀਬ ਅਤੇ ਮੱਧ ਵਰਗ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ ਟੀਮ ਮੈਂਬਰਾਂ ਵਲੋਂ ਲੋਕਾਂ ਨੂੰ ਯੋਜਨਾ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਇਸ ਬੀਮਾ ਯੋਜਨਾ ਅਧੀਨ ਲਾਭਪਾਤਰੀਆਂ ਨੂੰ ਸਰਕਾਰੀ ਅਤੇ ਚੁਣੀਦਾ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲ ਸਕਦਾ ਹੈ | ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੀ ਇਸ ਲੋਕ-ਭਲਾਈ ਯੋਜਨਾ ਦੀ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ 'ਆਪ' ਆਗੂ ਪਰਮਿੰਦਰ ਸਿੰਘ ਬਾਲਾ, ਬਲਾਕ ਪ੍ਰਧਾਨ ਸੁਖਦੇਵ ਸਿੰਘ, ਜਸਪਾਲ ਸਿੰਘ ਮੀਆਂਪੁਰ, ਸਰਪੰਚ ਅਜੈਬ ਸਿੰਘ ਸਰਾੜੀ, ਮਨਪ੍ਰੀਤ ਸਿੰਘ ਸਰਪੰਚ ਭੱਦਲ ਤੇ ਜਸਪ੍ਰੀਤ ਸਿੰਘ ਸਰਪੰਚ ਟੱਪਰੀਆਂ ਆਦਿ ਹਾਜ਼ਰ ਸਨ |