ਰੂਪਨਗਰ, 5 ਫਰਵਰੀ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਲੋਂ ਕਰਵਾਏ ਗਏ ਇੰਟਰ ਸਕੂਲ ਮੁਕਾਬਲਿਆਂ ਵਿਚ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰੋਪੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਇਨਾਮ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਰੰਗੋਲੀ ਮੁਕਾਬਲੇ ਵਿਚ ਸੁਖਮਣੀ ਸੈਣੀ ਅਤੇ ਸ਼ਰਨਜੀਤ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਦਸਤਾਰ ਬੰਦੀ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀ ਇਸਮੀਤ ਸਿੰਘ ਨੇ ਦੂਸਰਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ | ਇਸੇ ਤਰ੍ਹਾਂ ਪੋਸਟਰ ਮੇਕਿੰਗ ਮੁਕਾਬਲੇ ਵਿਚ ਸਿਮਰਨਜੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਉਪਲਬਧੀਆਂ 'ਤੇ ਸਕੂਲ ਪਿ੍ੰਸੀਪਲ ਸੰਗੀਤਾ ਰਾਣੀ ਵਲੋਂ ਜਿੱਤ ਹਾਸਲ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸਰਾਹਨਾ ਕਰਦਿਆਂ ਅਧਿਆਪਕ ਮੈਡਮ ਰਜਨੀ ਨੂੰ ਵੀ ਇਸ ਸਫ਼ਲਤਾ ਲਈ ਵਧਾਈ ਦਿੱਤੀ | ਇਸ ਮੌਕੇ ਸਕੂਲ ਅਧਿਆਪਕ ਬਰਿੰਦਰ ਸਿੰਘ, ਦਿਨੇਸ਼ ਵਰਮਾ ਅਤੇ ਡੀ.ਪੀ.ਈ. ਰਵੀਇੰਦਰ ਸਿੰਘ ਵੀ ਹਾਜ਼ਰ ਸਨ | ਸਕੂਲ ਪ੍ਰਬੰਧਨ ਵਲੋਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ |