ਰੂਪਨਗਰ, 20 ਫਰਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਅਧਿਆਪਕ ਯੋਗਤਾ ਪ੍ਰੀਖਿਆ (ਟੀ.ਈ.ਟੀ.) ਤੋਂ ਪਹਿਲਾਂ ਨਿਯੁਕਤ ਹੋਏ ਅਧਿਆਪਕਾਂ ਲਈ ਟੀ. ਈ. ਟੀ. ਦੀ ਲੱਗੀ ਸ਼ਰਤ ਦੇ ਮਾਮਲੇ 'ਚ ਵਧ ਰਹੇ ਵਿਰੋਧ ਦੇ ਦਰਮਿਆਨ 22 ਫਰਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਚੋਣ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ 15 ਅਧਿਆਪਕ ਜਥੇਬੰਦੀਆਂ ਵਲੋਂ ਸਾਂਝੀ ਸੂਬਾਈ ਰੈਲੀ ਕੀਤੀ ਜਾ ਰਹੀ ਹੈ | ਇਸ ਰੈਲੀ ਨੂੰ ਸਫਲ ਬਣਾਉਣ ਲਈ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋਂ ਜ਼ੋਰਦਾਰ ਲਾਮਬੰਦੀ ਕੀਤੀ ਜਾ ਰਹੀ ਹੈ | ਡੀ. ਟੀ. ਐੱਫ. ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਗਿਆਨ ਚੰਦ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਅਧਿਆਪਕਾਂ ਨੂੰ ਵੱਡੀ ਗਿਣਤੀ ਵਿਚ ਰੈਲੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਡੀ.ਟੀ.ਐੱਫ. ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਵੀ ਵਿਸ਼ੇਸ਼ ਤੌਰ 'ਤੇ ਰੂਪਨਗਰ ਪਹੁੰਚੇ | ਆਗੂਆਂ ਨੇ ਕਿਹਾ ਕਿ ਸਿੱਖਿਆ ਅਧਿਕਾਰ ਕਾਨੂੰਨ ਤਹਿਤ ਸਾਲ 2011 ਵਿਚ ਸ਼ੁਰੂ ਕੀਤੀ ਗਈ ਟੀ.ਈ.ਟੀ. ਪ੍ਰੀਖਿਆ ਨੂੰ ਇਸ ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ 'ਤੇ ਲਾਗੂ ਕਰਨਾ ਨਿਆਸੰਗਤ ਨਹੀਂ | ਉਨ੍ਹਾਂ ਦਲੀਲ ਦਿੱਤੀ ਕਿ ਇਹ ਅਧਿਆਪਕ ਆਪਣੇ ਸਮੇਂ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਜਾਂ ਮੈਰਿਟ ਅਧਾਰਿਤ ਪ੍ਰਕਿਰਿਆ ਰਾਹੀਂ ਨਿਯੁਕਤ ਹੋਏ ਸਨ ਅਤੇ ਦਹਾਕਿਆਂ ਤੋਂ ਸੇਵਾ ਨਿਭਾ ਰਹੇ ਹਨ, ਇਸ ਲਈ ਹੁਣ ਉਨ੍ਹਾਂ 'ਤੇ ਟੀ. ਈ. ਟੀ. ਦੀ ਸ਼ਰਤ ਲਗਾਉਣਾ ਗੈਰ-ਵਾਜਬ ਹੈ | ਜਥੇਬੰਦੀ ਆਗੂਆਂ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਨੇ ਪਹਿਲਾਂ ਕਦੇ ਵੀ 2011 ਤੋਂ ਪਹਿਲਾਂ ਭਰਤੀ ਅਧਿਆਪਕਾਂ ਲਈ ਟੀਈਟੀ ਪਾਸ ਕਰਨ ਦੀ ਸ਼ਰਤ ਨਹੀਂ ਰੱਖੀ | ਹੁਣ ਤਰੱਕੀਆਂ ਦੇ ਸਮੇਂ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦੇ ਕੇ ਇਸ ਸ਼ਰਤ ਨੂੰ ਲਾਗੂ ਕਰਨਾ ਹਜ਼ਾਰਾਂ ਅਧਿਆਪਕਾਂ ਦੀ ਪ੍ਰਮੋਸ਼ਨ ਅਤੇ ਨੌਕਰੀ 'ਤੇ ਅਣਿਸ਼ਚਿਤਤਾ ਦੀ ਤਲਵਾਰ ਲਟਕਾ ਰਿਹਾ ਹੈ | ਸੀਨੀਅਰ ਮੀਤ ਪ੍ਰਧਾਨ ਅਮਰਦੀਪ ਸਿੰਘ ਸੰਧੂ, ਮੀਤ ਪ੍ਰਧਾਨ ਬਲਵਿੰਦਰ ਸਿੰਘ, ਸੁਖਦੇਵ ਸਿੰਘ ਧਨੋਆ, ਅਮਰਜੀਤ ਸਿੰਘ ਲਾਡੀ ਅਤੇ ਭੁਪਿੰਦਰ ਸਿੰਘ ਸਮੇਤ ਹੋਰ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਮਸਲੇ ਵਿਚ ਤੁਰੰਤ ਦਖਲ ਦੇ ਕੇ ਅਧਿਆਪਕਾਂ ਦੇ ਹੱਕ ਵਿਚ 'ਸਿਆਸੀ ਹੱਲ' ਕੱਢੇ ਅਤੇ 2011 ਤੋਂ ਪਹਿਲਾਂ ਨਿਯੁਕਤ ਅਧਿਆਪਕਾਂ ਨੂੰ ਟੀ.ਈ.ਟੀ. ਦੀ ਸ਼ਰਤ ਤੋਂ ਛੋਟ ਦਿੱਤੀ ਜਾਵੇ | ਅਧਿਆਪਕ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |