ਸ੍ਰੀ ਅਨੰਦਪੁਰ ਸਾਹਿਬ, 20 ਫਰਵਰੀ (ਕਰਨੈਲ ਸਿੰਘ)-ਪੰਜਾਬ ਅੰਦਰ ਕਾਨੂੰਨ-ਵਿਵਸਥਾ ਦੀ ਵਿਗੜਦੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਅਤੇ ਨੌਜਵਾਨ ਭਾਜਪਾ ਆਗੂ ਐਡਵੋਕੇਟ ਅਰਵਿੰਦ ਮਿੱਤਲ ਨੇ ਕਿਹਾ ਕਿ ਸੂਬੇ 'ਚ ਲਗਾਤਾਰ ਗੈਂਗਸਟਰਾਂ ਵਲੋਂ ਗੋਲੀਬਾਰੀ ਤੇ ਕਤਲਾਂ ਦੀਆਂ ਘਟਨਾਵਾਂ ਵੱਧ ਰਹੀਆਂ ਹਨ, ਜਿਸ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਹਰ ਮੋਰਚੇ 'ਤੇ ਨਾਕਾਮ ਸਾਬਤ ਹੋਈ ਹੈ | ਸ੍ਰੀ ਅਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਮਿੱਤਲ ਨੇ ਦੋਸ਼ ਲਗਾਇਆ ਕਿ ਅਪਰਾਧਿਕ ਤੱਤਾਂ ਦੇ ਹੌਸਲੇ ਬੁਲੰਦ ਹਨ ਤੇ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਕਾਨੂੰਨ-ਵਿਵਸਥਾ ਦੀ ਸਥਿਤੀ ਦਿਨੋ-ਦਿਨ ਬਦਤਰ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੁੰਦੀ ਹੈ, ਪਰ ਇਸ ਮਾਮਲੇ 'ਚ ਸਰਕਾਰ ਬੁਰੀ ਤਰ੍ਹਾਂ ਅਸਫਲ ਰਹੀ ਹੈ | ਉਨ੍ਹਾਂ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਪੰਜਾਬ ਤੇ ਹੋਰ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ 'ਤੇ ਦਾਖਲਾ ਟੈਕਸ 'ਚ ਕੀਤੇ ਵਾਧੇ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਆਮ ਲੋਕਾਂ ਨਾਲ ਧੋਖਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਯਾਤਰੀਆਂ ਅਤੇ ਵਪਾਰੀਆਂ 'ਤੇ ਵਾਧੂ ਆਰਥਿਕ ਬੋਝ ਪਵੇਗਾ | ਉਨ੍ਹਾਂ ਦੱਸਿਆ ਕਿ ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਵਲੋਂ ਅੰਬਾਲਾ-ਚੰਡੀਗੜ੍ਹ ਨੂੰ ਜੀਰਕਪੁਰ ਬਾਈਪਾਸ ਨਾਲ ਜੋੜਨ ਵਾਲੇ ਛੇ ਮਾਰਗੀ ਗਰੀਨ ਫ਼ੀਲਡ ਸੁਪਰ ਮਾਰਗ ਦੇ ਨਿਰਮਾਣ ਲਈ 1463.95 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਹੈ, ਜੋ ਪੰਜਾਬ ਦੇ ਵਿਕਾਸ ਲਈ ਮੀਲ ਪੱਥਰ ਸਾਬਤ ਹੋਵੇਗੀ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਲੋਕ 'ਡਬਲ ਇੰਜਨ' ਦੀ ਸਰਕਾਰ ਬਣਾਉਣ ਦਾ ਫ਼ੈਸਲਾ ਕਰਨਗੇ |