ਰੂਪਨਗਰ, 24 ਫਰਵਰੀ (ਸਤਨਾਮ ਸਿੰਘ ਸੱਤੀ)-ਅਗਲੇ ਮਹੀਨੇ ਮੋਗਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹੋਣ ਵਾਲੀ ਵਿਸ਼ਾਲ ਜਨ ਸਭਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਪਾਰਟੀ ਹਾਈਕਮਾਂਡ ਨੇ ਸੀਨੀਅਰ ਆਗੂ ਅਨੀਸ਼ ਸਦਾਨਾ ਨੂੰ ਰੋਪੜ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ | ਜ਼ਿੰਮੇਵਾਰੀ ਸੰਭਾਲਦੇ ਹੀ ਉਨ੍ਹਾਂ ਹਲਕੇ ਵਿਚ ਮੀਟਿੰਗਾਂ ਅਤੇ ਜਨ ਸੰਪਰਕ ਅਭਿਆਨ ਸ਼ੁਰੂ ਕਰ ਦਿੱਤੇ ਹਨ | ਪ੍ਰੈਸ ਨੋਟ ਜਾਰੀ ਕਰਦੇ ਹੋਏ ਸਦਾਨਾ ਨੇ ਕਿਹਾ ਕਿ ਪੰਜਾਬ ਨਸ਼ਾ, ਗੈਂਗਸਟਰਵਾਦ ਅਤੇ ਬੇਰੋਜ਼ਗਾਰੀ ਵਰਗੇ ਗੰਭੀਰ ਸੰਕਟਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਰਾਜ ਸਰਕਾਰ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਵਿਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੇ ਦੌਰੇ ਦੌਰਾਨ ਸੂਬੇ ਲਈ ਮਜ਼ਬੂਤ ਨੀਤੀਆਂ ਅਤੇ ਹੱਲ ਦਾ ਰੋਡਮੈਪ ਪੇਸ਼ ਕਰਨਗੇ | ਉਨ੍ਹਾਂ ਦੱਸਿਆ ਕਿ ਰੋਪੜ ਹਲਕੇ ਵਿਚ ਬੂਥ ਪੱਧਰ ਤੱਕ ਸੰਗਠਨ ਨੂੰ ਸਰਗਰਮ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਵਰਕਰ ਮੋਗਾ ਰੈਲੀ ਵਿਚ ਸ਼ਮੂਲੀਅਤ ਕਰਨਗੇ | ਸਦਾਨਾ ਨੇ ਕਿਹਾ ਕਿ ਇਹ ਰੈਲੀ ਪੰਜਾਬ ਦੀ ਰਾਜਨੀਤੀ ਲਈ ਮਹੱਤਵਪੂਰਨ ਸਾਬਤ ਹੋਵੇਗੀ ਅਤੇ ਸੂਬੇ ਨੂੰ ਨਵੀਂ ਦਿਸ਼ਾ ਦੇਵੇਗੀ |