ਚੰਡੀਗੜ੍ਹ, 24 ਫਰਵਰੀ (ਅਜਾਇਬ ਸਿੰਘ ਔਜਲਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਪੰਜਾਬ ਰਾਜ ਕਮੇਟੀ ਵਲੋਂ ਆਉਣ ਵਾਲੀ 26 ਫਰਵਰੀ ਨੂੰ ਚੰਡੀਗੜ੍ਹ ਦੇ ਸੈਕਟਰ 25 ਵਿਚਲੀ ਰੈਲੀ ਗਰਾਊਾਡ ਵਿਖੇ ਸੂਬਾ ਪੱਧਰ ਦੀ ਵਿਸ਼ਾਲ ਰੈਲੀ ਕੀਤੀ ਜਾਵੇਗੀ | ਆਰ.ਐਸ.ਐਸ.-ਭਾਜਪਾ ਦੀਆਂ ਪੰਜਾਬ ਵਿਰੋਧੀ ਸਾਜ਼ਿਸ਼ਾਂ 'ਤੇ ਮੋਦੀ ਸਰਕਾਰ ਵਲੋਂ ਪੰਜਾਬ ਨਾਲ ਕੀਤੇ ਜਾ ਰਹੇ ਧੱਕੇ-ਵਿਤਕਰੇ ਖ਼ਿਲਾਫ਼ ਅਤੇ ਦਹਾਕਿਆਂ ਤੋਂ ਲਮਕਦੇ ਆ ਰਹੇ ਪੰਜਾਬ ਨਾਲ ਸਬੰਧਿਤ ਅੰਤਰਰਾਜੀ ਮਸਲਿਆਂ ਦਾ ਸਥਾਈ ਹੱਲ ਕੀਤੇ ਜਾਣ ਲਈ ਕੀਤੀ ਜਾ ਰਹੀ ਇਸ ਰੈਲੀ ਨੂੰ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਅਤੇ ਹੋਰ ਕੇਂਦਰੀ ਤੇ ਸੂਬਾਈ ਆਗੂ ਸੰਬੋਧਨ ਕਰਨਗੇ | ਰਾਜ ਕਮੇਟੀ ਦੇ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਰੈਲੀ ਦੌਰਾਨ ਕੇਂਦਰੀ ਹੁਕਮਰਾਨਾਂ ਵਲੋਂ ਕੀਤੇ ਜਾ ਰਹੇ ਸੂਬਾਈ ਅਧਿਕਾਰਾਂ ਤੇ ਸ਼ਹਿਰੀ ਆਜ਼ਾਦੀਆਂ ਦੇ ਘਾਣ ਵਿਰੁੱਧ ਵੀ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇਗੀ | ਕਾ. ਜਾਮਾਰਾਏ ਨੇ ਦੱਸਿਆ ਹੈ ਕਿ ਰੈਲੀ ਦੀ ਕਾਮਯਾਬੀ ਲਈ ਸਾਰੇ ਜ਼ਿਲਿ੍ਹਆਂ 'ਚ ਜ਼ਬਰਦਸਤ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਧਰਮਾਂ-ਜਾਤਾਂ, ਬੋਲੀ ਆਦਿ ਦੇ ਵਖਰੇਵਿਆਂ ਨੂੰ ਦਰਕਿਨਾਰ ਕਰਦਿਆਂ ਪੰਜਾਬ-ਪੰਜਾਬੀਅਤ ਦਾ ਪਰਚਮ ਬੁਲੰਦ ਰੱਖਣ ਲਈ ਇਸ ਰੈਲੀ 'ਚ ਪਰਿਵਾਰਾਂ ਸਮੇਤ ਪੁੱਜਣ |