ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਮਦਮੀ ਟਕਸਾਲ ਦੇ ਮੁੱਖ ਦਫ਼ਤਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਸੁਖਦੇਵ ਸਿੰਘ ਨੇ ਦੱਸਿਆ ਕਿ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਅਗਵਾਈ ਹੇਠ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਲਗਾਤਾਰ ਗੁਰਮਤ ਸਮਾਗਮ ਹੋਣਗੇ, ਜਿਸ ਵਿਚ ਪੰਥ ਦੀਆਂ ਨਾਮੀ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ | ਉਨ੍ਹਾਂ ਦੱਸਿਆ ਕਿ ਇਹ ਸਮਾਗਮ 27 ਫਰਵਰੀ ਨੂੰ ਸ਼ੁਰੂ ਹੋ ਜਾਣਗੇ ਜੋ ਕਿ 4 ਮਾਰਚ ਨੂੰ ਮਹੱਲਾ ਵਾਲੇ ਦਿਨ ਕੱਢੇ ਜਾਣ ਵਾਲੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਸਮਾਪਤ ਹੋਣਗੇ | ਇਹਨਾਂ ਸਮਾਗਮਾਂ ਦੌਰਾਨ ਲਗਾਤਾਰ ਅੰਮਿ੍ਤ ਸੰਚਾਰ ਚੱਲੇਗਾ | ਬਾਬਾ ਸੁਖਦੇਵ ਸਿੰਘ ਨੇ ਕਿਹਾ ਕਿ ਹੋਲਾ ਮਹੱਲਾ ਨੂੰ ਲੈ ਕੇ ਸੰਗਤਾਂ ਦੀ ਰਿਹਾਇਸ਼ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਸ ਤੋਂ ਬਿਨਾਂ 24 ਘੰਟੇ ਲੰਗਰ ਦੀ ਚੱਲੇਗਾ | ਬਾਬਾ ਸੁਖਦੇਵ ਸਿੰਘ ਨੇ ਅੱਗੇ ਕਿਹਾ ਕਿ ਨੌਜਵਾਨੀ ਨੂੰ ਅਪੀਲ ਹੈ ਕਿ ਉਹ ਧਾਰਮਿਕ ਸਮਾਗਮਾਂ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਸਹਿਯੋਗ ਕਰਨ ਅਤੇ ਹੁੱਲੜਬਾਜ਼ੀ ਤੋਂ ਗੁਰੇਜ਼ ਕੀਤਾ ਜਾਵੇ | ਉਨ੍ਹਾਂ ਦੇਸ਼ਾਂ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਹੋਲਾ ਮਹੱਲਾ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਪਹੁੰਚੋ ਅਤੇ ਗੁਰੂ ਦੀਆਂ ਖ਼ੁਸ਼ੀਆਂ ਪ੍ਰਾਪਤ ਕਰੋ | ਇਸ ਮੌਕੇ ਵੱਡੀ ਗਿਣਤੀ ਵਿਚ ਦਮਦਮੀ ਟਕਸਾਲ ਨਾਲ ਸੰਬੰਧਿਤ ਸਿੰਘ ਵੀ ਹਾਜ਼ਰ ਸਨ |