ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ (ਕਰਨੈਲ ਸਿੰਘ ,ਜੇ ਐਸ ਨਿੱਕੂਵਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਖ਼ਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾ ਮੌਕੇ 3 ਮਾਰਚ ਨੂੰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਕੀਤੀ ਜਾਵੇਗੀ | ਇਸ ਸਬੰਧੀ ਵਿਸ਼ੇਸ਼ ਤੌਰ 'ਤੇ ਪਿੰਡ ਬੁਰਜ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਵੀ ਇੰਦਰ ਸਿੰਘ ਦੁਮਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੀ ਅਸਲੀ ਅਕਾਲੀ ਦਲ ਹੈ ਜਦੋਂ ਕਿ ਦੂਜਾ ਸ਼੍ਰੋਮਣੀ ਅਕਾਲੀ ਦਲ ਇੱਕ ਪਰਿਵਾਰ ਦੀ ਨਿੱਜੀ ਜਗੀਰ ਬਣ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਅੱਜ ਗੁਰਦੁਆਰਿਆਂ ਦੇ ਸੁਧਾਰ ਦੀ ਬਹੁਤ ਵੱਡੀ ਲੋੜ ਹੈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਬਹੁਤ ਵੱਡੀ ਗਿਰਾਵਟ ਆ ਚੁੱਕੀ ਹੈ | ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੀ ਠੀਕ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਨਿੱਕੂਵਾਲ ਮੋੜ ਲਾਗੇ ਅਨੰਦ ਪੈਲੇਸ ਦੇ ਬਿਲਕੁਲ ਨਜ਼ਦੀਕ ਵਿਸ਼ਾਲ ਰਾਜਸੀ ਕਾਨਫ਼ਰੰਸ ਹੋਵੇਗੀ, ਜਿਸ ਵਿਚ ਪਾਰਟੀ ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਪਹੁੰਚੇਗੀ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਹੁਮ ਹੁਮਾ ਕੇ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਕੀਤੀ ਰਾਜਸੀ ਕਾਨਫ਼ਰੰਸ ਵਿਚ ਸ਼ਮੂਲੀਅਤ ਕਰੋ ਅਤੇ ਗੁਰਦੁਆਰਾ ਸੁਧਾਰ ਲਹਿਰ ਦਾ ਹਿੱਸਾ ਬਣੋ | ਇਸ ਮੌਕੇ ਉਨਾਂ ਦੇ ਅਤਿ ਨਜ਼ਦੀਕੀ ਸਾਥੀ ਨੰਬਰਦਾਰ ਸਤਨਾਮ ਸਿੰਘ ਬੁਰਜ, ਡਾਕਟਰ ਹਰਜਿੰਦਰ ਸਿੰਘ ਕੁਲਗਰਾਂ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਹਰਬੰਸ ਸਿੰਘ ਕੰਦੋਲਾ, ਤਜਿੰਦਰ ਸਿੰਘ ਪੰਨੂ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਹਾਜ਼ਰ ਸਨ |