ਰੂਪਨਗਰ, 26 ਫਰਵਰੀ (ਹੁੰਦਲ)-ਵਧੀਕ ਡਿਪਟੀ ਕਮਿਸ਼ਨਰ ਰੂਪਨਗਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਅੱਜ 27 ਫਰਵਰੀ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਸਰਕਾਰੀ ਕਾਲਜ ਰੂਪਨਗਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ ਵਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਇਸ ਸਮਾਗਮ ਨੂੰ ਸਫਲਤਾ ਪੂਰਵਕ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਮਾਰੋਹ ਵਾਲੇ ਸਥਾਨ ਤੇ ਆਲੇ ਦੁਆਲੇ ਦੀ ਸਾਫ਼-ਸਫ਼ਾਈ ਅਤੇ ਸਟੇਜ਼ ਦੀ ਸਜਾਵਟ, ਆਮ ਲੋਕਾਂ ਤੇ ਹੋਰ ਸਖ਼ਸ਼ੀਅਤਾਂ ਦੇ ਬੈਠਣ ਦੇ ਪ੍ਰਬੰਧ, ਸੁਰੱਖਿਆ, ਪਾਰਕਿੰਗ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਆਦਿ ਨੂੰ ਲੈ ਕੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਇਸ ਸਮਾਗਮ ਮੌਕੇ ਆਪਣੀ ਡਿਊਟੀ ਤਨਦੇਹੀ ਅਤੇ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਵੇ | ਇਸ ਮੀਟਿੰਗ ਵਿਚ ਡੀ. ਐੱਸ. ਪੀ. ਕੁਲਭੂਸ਼ਣ, ਬੀ. ਡੀ. ਪੀ. ਓ. ਰੂਪਨਗਰ ਅਮਿਤ ਸ਼ਰਮਾ, ਬੀ. ਡੀ. ਪੀ. ਓ. ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਬੀ.ਡੀ.ਪੀ.ਓ. ਮੋਰਿੰਡਾ ਹਰਕੀਰਤ ਸਿੰਘ, ਬੀ.ਡੀ.ਪੀ.ਓ. ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀ. ਡੀ. ਪੀ. ਓ. ਨੂਰਪੁਰ ਬੇਦੀ ਅਮਰੀਕ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ |