ਰੂਪਨਗਰ, 26 ਫ਼ਰਵਰੀ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਕਾਂਗਰਸ ਭਵਨ ਰੂਪਨਗਰ ਵਿਖੇ 28 ਫ਼ਰਵਰੀ ਨੂੰ ਬਰਨਾਲਾ ਵਿਚ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਸਕੱਤਰ ਸੂਰਜ ਸਿੰਘ ਠਾਕੁਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਅਜੈਬ ਸਿੰਘ ਮੰਗੂਪੁਰ ਅਤੇ ਸਾਬਕਾ ਵਿਧਾਇਕ ਅੰਗਦ ਸੈਣੀ ਵੀ ਮੌਜੂਦ ਸਨ | ਆਗੂਆਂ ਦਾ ਜ਼ਿਲ੍ਹਾ ਕਾਂਗਰਸ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਰਜ ਸਿੰਘ ਠਾਕੁਰ ਨੇ ਕਿਹਾ ਕਿ ਨਰੇਗਾ ਬਿਲ ਵਿਚ ਕੀਤੇ ਬਦਲਾਵਾਂ ਨਾਲ ਕੇਂਦਰ ਸਰਕਾਰ ਨੇ ਨਰੇਗਾ ਮਜ਼ਦੂਰਾਂ ਦੇ ਹੱਕਾਂ 'ਤੇ ਕਟੌਤੀ ਕੀਤੀ ਹੈ, ਜਿਸ ਨਾਲ ਪੇਂਡੂ ਖੇਤਰ ਪ੍ਰਭਾਵਿਤ ਹੋਇਆ ਹੈ | ਉਨ੍ਹਾਂ ਦੱਸਿਆ ਕਿ 28 ਫ਼ਰਵਰੀ ਨੂੰ ਬਰਨਾਲਾ ਵਿਖੇ ਹੋਣ ਵਾਲੀ ਵੱਡੀ ਰੈਲੀ ਵਿਚ ਨੇਤਾ ਵਿਰੋਧੀ ਧਿਰ ਰਾਹੁਲ ਗਾਂਧੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ ਅਤੇ ਨਰੇਗਾ ਕਾਮਿਆਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੇ | ਉਨ੍ਹਾਂ ਸਮੂਹ ਕਾਂਗਰਸ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਰੈਲੀ ਕਾਮਯਾਬ ਬਣਾਉਣ ਦੀ ਅਪੀਲ ਕਰਦਿਆਂ ਵੱਖ-ਵੱਖ ਡਿਊਟੀਆਂ ਵੀ ਸੌਂਪੀਆਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਰੈਲੀ ਵਿਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ | ਮੀਟਿੰਗ ਵਿਚ ਸਾਬਕਾ ਪ੍ਰਧਾਨ ਬਲਾਕ ਪ੍ਰਧਾਨ ਤੇ ਹੋਰ ਵਰਕਰ ਵੀ ਸ਼ਾਮਿਲ ਸਨ |