ਸ੍ਰੀ ਅਨੰਦਪੁਰ ਸਾਹਿਬ, 2 ਮਾਰਚ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ)-ਹੋਲੇ ਮਹੱਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਨਮਾਨਿਤ ਕੀਤਾ ਗਿਆ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਅਰਬ ਦੇਸ਼ਾਂ 'ਚ ਫਸੇ ਪੰਜਾਬੀਆਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਲਦ ਹੀ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ, ਤਾਂ ਜੋ ਸੰਕਟ 'ਚ ਘਿਰੇ ਪੰਜਾਬੀਆਂ ਤੱਕ ਤੁਰੰਤ ਸਹਾਇਤਾ ਪਹੁੰਚਾਈ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸੰਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਜਾ ਰਹੀ ਹੈ, ਜਿਸ ਰਾਹੀਂ ਕੇਂਦਰ ਸਰਕਾਰ ਤੋਂ ਤੁਰੰਤ ਦਖਲਅੰਦਾਜ਼ੀ ਦੀ ਮੰਗ ਕੀਤੀ ਜਾਵੇਗੀ, ਤਾਂ ਜੋ ਉੱਥੇ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਵਾਪਸ ਲਿਆਂਦਾ ਜਾ ਸਕੇ | ਉਨ੍ਹਾਂ ਕਿਹਾ ਕਿ ਇਹ ਮਨੁੱਖਤਾ ਦਾ ਮਾਮਲਾ ਹੈ ਅਤੇ ਸਾਰਿਆਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਇਸ ਵਿਚ ਸਹਿਯੋਗ ਦੇਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਦਲਜੀਤ ਸਿੰਘ ਭਿੰਡਰ, ਸੀਨੀਅਰ ਆਗੂ ਮੋਹਣ ਸਿੰਘ ਢਾਹੇ, ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਔਲਖ, ਯੂਥ ਅਕਾਲੀ ਆਗੂ ਸੰਦੀਪ ਸਿੰਘ ਕਲੋਤਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਉਦੇਸ਼ ਰਾਣਾ, ਸੁਰਿੰਦਰ ਸਿੰਘ ਮਟੌਰ, ਬੀਬੀ ਕੁਲਵਿੰਦਰ ਕੌਰ, ਜਥੇਦਾਰ ਰਾਮ ਸਿੰਘ, ਨਿਰਮਲ ਸਿੰਘ ਹਰੀਵਾਲ, ਹਰਦੇਵ ਸਿੰਘ ਦੇਬੀ ਬੀਕਾਪੁਰ, ਕੁਲਵੀਰ ਸਿੰਘ ਅਸਮਾਨਪੁਰ, ਜਸਵੀਰ ਸਿੰਘ ਕੂਨਰ ਢੇਰ, ਬਲਦੇਵ ਸਿੰਘ ਨਿੱਕੂਵਾਲ, ਡਾ. ਰਾਜਆਸਰਾ ਸਿੰਘ, ਗੁਰਨਾਮ ਸਿੰਘ ਮਟੌਰ ਆਦਿ ਸਮੇਤ ਹੋਰ ਕਈ ਪਾਰਟੀ ਆਗੂ ਹਾਜ਼ਰ ਸਨ |