ਸ੍ਰੀ ਅਨੰਦਪੁਰ ਸਾਹਿਬ, 5 ਮਾਰਚ (ਜੇਐਸ ਨਿੱਕੂਵਾਲ, ਕਰਨੈਲ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਪੰਜਾਬੀਆਂ ਨੂੰ ਹੋਲਾ ਮਹੱਲਾ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾ ਮੁਕਤੀ ਦੇ ਵਿਧੀ ਵਿਧਾਨ ਤੇ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਮੀਟਿੰਗ ਕਰਕੇ ਇਸ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ | ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਕੀਤੀ ਗਈ ਕਾਨਫਰੰਸ ਸਬੰਧੀ ਉਹਨਾਂ ਕਿਹਾ ਕਿ ਲੋਕਤੰਤਰ ਵਿੱਚ ਹਰੇਕ ਵਿਅਕਤੀ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਹੈ ਪਰੰਤੂ ਅਜਿਹੇ ਜੋੜ ਮੇਲਿਆਂ ਤੇ ਸਿਆਸੀ ਦੂਸ਼ਣਬਾਜੀ ਕਰਨ ਤੋਂ ਗਰੇਜ ਕੀਤਾ ਜਾਣਾ ਚਾਹੀਦਾ ਹੈ | ਉਹਨਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਦਾ ਯੁੱਗ ਹੈ ਤੇ ਇਸ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ | ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਕਾਰਜਕਾਰਨੀ ਦੇ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਜਥੇਦਾਰ ਰਾਮ ਸਿੰਘ ਸਮੇਤ ਵੱਡੀ ਗਿਣਤੀ 'ਚ ਅਕਾਲੀ ਆਗੂ ਹਾਜ਼ਰ ਸਨ |