ਮੋਰਿੰਡਾ, 5 ਮਾਰਚ (ਤਰਲੋਚਨ ਸਿੰਘ ਕੰਗ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਹਲਕਾ ਵਿਧਾਇਕ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਿਹਾਰ ਸਿੰਘ ਕਟਾਰੀਆ, ਬਰਿੰਦਰ ਸਿੰਘ ਮੋਮੀ, ਜੰਗ ਸਿੰਘ, ਜਗਰੂਪ ਸਿੰਘ, ਸੁਖਵਿੰਦਰ ਸਿੰਘ ਪੰਨੂ, ਜਸਪ੍ਰੀਤ ਸਿੰਘ ਅਤੇ ਪਵਨਦੀਪ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਠੇਕਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਵਿਭਾਗਾਂ ਵਿਚ ਕੰਮ ਕਰ ਰਹੀਆਂ ਨਿੱਜੀ ਕੰਪਨੀਆਂ ਨੂੰ ਬਾਹਰ ਕੱਢ ਕੇ ਸਮੂਹ ਆਊਟਸੋਰਸ, ਇਨਲਿਸਟਮੈਂਟ, ਕੰਪਨੀਆਂ, ਠੇਕੇਦਾਰਾਂ, ਸੁਸਾਇਟੀਆਂ, ਦਿਹਾੜੀਦਾਰ ਅਤੇ ਡੇਲੀਵੇਜ ਮੁਲਾਜ਼ਮਾਂ ਨੂੰ ਸਬੰਧਿਤ ਵਿਭਾਗਾਂ ਵਿਚ ਲਿਆ ਕਿ ਰੈਗੂਲਰ ਕੀਤਾ ਜਾਵੇਗਾ | ਪ੍ਰੰਤੂ ਸਰਕਾਰ ਬਣਨ ਤੋਂ ਲਗਭਗ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਠੇਕਾ ਮੁਲਾਜ਼ਮਾਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਦਾ ਸ਼ੋਸ਼ਣ ਅਜੇ ਵੀ ਜਾਰੀ ਹੈ |