ਐਨ.ਪੀ.ਐਸ. ਕਰਮਚਾਰੀ ਕੱਲ੍ਹ ਨੂੰ ਕਰਨਗੇ ਚੰਡੀਗੜ੍ਹ ਕੂਚ
ਅਜੀਤ ਡੈਸਕ
07-03-2026
ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਕਰਨੈਲ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਅਤੇ ਹੋਰ ਮੁਲਾਜ਼ਮ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੁਆਰਾ ਲਗਾਤਾਰ ਪਿਛਲੇ ਚਾਰ ਸਾਲਾਂ ਤੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਤੇ ਹੋਰ ਮੁਲਾਜ਼ਮ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਤੋਂ ਖ਼ਫ਼ਾ ਕਰਮਚਾਰੀ ਵਰਗ ਹੁਣ ਚੋਣ ਵਰ੍ਹਾ ਹੋਣ ਕਾਰਨ ਸਰਕਾਰ ਨਾਲ ਆਰ-ਪਾਰ ਦੇ ਸੰਘਰਸ਼ ਦੇ ਰੋਂਅ 'ਚ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਤੇ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਚੋਣ ਵਾਅਦਿਆਂ 'ਚੋਂ ਇੱਕ ਵਾਅਦਾ ਵੀ ਪੂਰਾ ਨਹੀਂ ਕੀਤਾ | ਜਿਸ ਕਾਰਨ ਐਨ.ਪੀ.ਐਸ. ਮੁਲਾਜ਼ਮਾਂ 'ਚ ਭਾਰੀ ਰੋਸ ਹੈ | ਹੁਣ ਜਦੋਂ ਸਰਕਾਰ ਆਪਣੀ ਪਾਰੀ ਦਾ ਅੰਤਿਮ ਬਜਟ ਪੇਸ਼ ਕਰਨ ਜਾ ਰਹੀ ਹੈ ਤਾਂ ਕਰਮਚਾਰੀ ਵੀ ਸਰਕਾਰ ਨੂੰ ਚੇਤਾ ਕਰਵਾਉਣਗੇ ਕਿ ਅੱਜ ਤੋਂ ਚਾਰ ਸਾਲ ਪਹਿਲਾਂ ਆਪ ਸਰਕਾਰ ਨੇ ਹਿਮਾਚਲ ਅਤੇ ਗੁਜਰਾਤ ਦੇ ਵੋਟਰਾਂ ਨੂੰ ਭਰਮਾਉਣ ਲਈ ਇੱਕ ਪੁਰਾਣੀ ਪੈਨਸ਼ਨ ਬਹਾਲੀ ਦਾ ਝੂਠਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ | ਜਿਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਲਾਗੂ ਨਹੀਂ ਕਰ ਸਕੀ | ਦੂਜੇ ਪਾਸੇ ਪੈਨਸ਼ਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਕੇਂਦਰ ਤੇ ਰਾਜ ਸਰਕਾਰ ਸੁਪਰੀਮ ਕੋਰਟ ਜਰੀਏ ਜਬਰੀ ਟੈੱਟ ਥੋਪ ਰਹੀ ਹੈ | ਇਸ ਲਈ 8 ਮਾਰਚ ਦੀ ਰੈਲੀ ਨੂੰ ਸਫ਼ਲ ਬਣਾਉਣ ਲਈ ਬਲਾਕ ਪੱਧਰੀ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ ਆਗੂਆਂ ਨੇ ਕਿਹਾ ਇਹ ਮਹਾਂ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ |