ਰੂਪਨਗਰ, 6 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਅਵਿਕੇਸ਼ ਗੁਪਤਾ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਡਾ. ਕਿੰਮੀ ਵਨੀਤ ਕੌਰ ਸੇਠੀ, ਸਮੂਹ ਸਹਾਇਕ ਖੁਰਾਕ ਸਪਲਾਈ ਅਫ਼ਸਰਾਂ ਤੇ ਨਿਰੀਖਕਾਂ ਨਾਲ ਮੀਟਿੰਗ ਕੀਤੀ | ਮੀਟਿੰਗ 'ਚ ਤੇਲ ਮਾਰਕੀਟਿੰਗ ਕੰਪਨੀਆਂ (ਆਈ. ਓ. ਸੀ. ਐਲ., ਬੀ. ਪੀ. ਸੀ. ਐਲ., ਐਚ. ਪੀ. ਸੀ. ਐਲ.) ਦੇ ਨੁਮਾਇੰਦਿਆਂ ਤੇ ਜ਼ਿਲ੍ਹੇ ਦੀਆਂ ਸਮੂਹ ਗੈਸ ਏਜੰਸੀਆਂ ਨੇ ਵੀ ਭਾਗ ਲਿਆ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕੀਤੇ ਜਾਣ | ਇਸ ਮਕਸਦ ਨੂੰ ਧਿਆਨ ਵਿਚ ਰੱਖਦੇ ਹੋਏ ਹਫਤਾਵਾਰੀ ਟੀਚੇ ਵੀ ਨਿਰਧਾਰਿਤ ਕੀਤੇ ਗਏ, ਤਾਂ ਜੋ ਜ਼ਿਲ੍ਹੇ ਦੇ ਹਰ ਯੋਗ ਪਰਿਵਾਰ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਉਦੇਸ਼ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀਆਂ ਮਹਿਲਾਵਾਂ ਨੂੰ ਸੁਰੱਖਿਅਤ ਅਤੇ ਸੁਚੱਜਾ ਗੈਸ ਉਪਲਬਧ ਕਰਵਾਉਣਾ ਹੈ, ਜਿਸ ਨਾਲ ਪਰਿਵਾਰਾਂ ਦੀ ਸਿਹਤ ਤੇ ਵਾਤਾਵਰਨ ਦੀ ਸੁਰੱਖਿਆ ਵਿਚ ਵੀ ਸੁਧਾਰ ਆਉਂਦਾ ਹੈ | ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਪਰਿਵਾਰ ਇਸ ਯੋਜਨਾ ਦੇ ਤਹਿਤ ਯੋਗ ਹਨ, ਉਹ ਆਪਣੇ ਨਜ਼ਦੀਕੀ ਗੈਸ ਏਜੰਸੀ ਨਾਲ ਸੰਪਰਕ ਕਰਕੇ ਆਪਣੀ ਯੋਗਤਾ ਦੀ ਜਾਂਚ ਕਰਵਾਉਣ ਤੇ ਯੋਗ ਪਾਏ ਜਾਣ 'ਤੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਮੁਫ਼ਤ ਗੈਸ ਕਨੈੱਕਸ਼ਨ ਦਾ ਲਾਭ ਲੈਣ |