ਨੂਰਪੁਰ ਬੇਦੀ, 6 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਕੀਤੀ ਗਈ | ਜਾਣਕਾਰੀ ਦਿੰਦਿਆਂ ਐਸ.ਐਮ.ਓ. ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਐਚ.ਪੀ.ਵੀ. ਵੈਕਸੀਨ ਖਾਸ ਤੌਰ 'ਤੇ 14 ਤੋਂ 15 ਸਾਲ ਉਮਰ ਦੀਆਂ ਕੁੜੀਆਂ ਲਈ ਲਗਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਵੈਕਸੀਨ ਲੜਕੀਆਂ 'ਚ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬਹੁਤ ਹੀ ਪ੍ਰਭਾਵਸ਼ਾਲੀ ਮੰਨੀ ਜਾਂਦੀ ਹੈ ਅਤੇ ਇਸ ਨਾਲ ਭਵਿੱਖ 'ਚ ਉਕਤ ਬਿਮਾਰੀ ਦੇ ਖਤਰੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ | ਡਾ. ਹਰਪ੍ਰੀਤ ਕੌਰ ਨੇ ਹੋਰ ਦੱਸਿਆ ਕਿ ਇਹ ਵੈਕਸੀਨ ਨੂੰ ਸਿੰਗਲ ਡੋਜ਼ ਦੇ ਰੂਪ 'ਚ ਲਗਾਇਆ ਜਾਵੇਗਾ | ਉਨ੍ਹਾਂ ਸਪਸ਼ਟ ਕੀਤਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੇਟੀਆਂ ਨੂੰ ਇਸ ਵੈਕਸੀਨ ਤੋਂ ਵਾਂਝਾ ਨਾ ਰੱਖਣ | ਉਨ੍ਹਾਂ ਸਮੂਹ ਫੀਲਡ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਤੇ ਕਸਬਿਆਂ 'ਚ ਜਾ ਕੇ ਲੋਕਾਂ ਨੂੰ ਇਸ ਵੈਕਸੀਨ ਦੇ ਫਾਇਦਿਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ | ਇਸ ਮੌਕੇ ਡਾ. ਪ੍ਰਵੀਨ, ਬਲਵੀਰ ਕੌਰ, ਜਸਵੀਰ ਕੌਰ ਅਤੇ ਆਸ਼ਾ ਵਰਕਰਾਂ ਸਮੇਤ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ |