ਰੂਪਨਗਰ, 8 ਮਾਰਚ (ਸਤਨਾਮ ਸਿੰਘ ਸੱਤੀ)-ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਉਨ੍ਹਾਂ ਦੇ ਮੁੱਖ ਮੰਤਰੀ ਨਿਵਾਸ 'ਤੇ ਸ਼ਿਸ਼ਟਾਚਾਰਕ ਮੁਲਾਕਾਤ ਕੀਤੀ | ਇਸ ਦੌਰਾਨ ਦੋਵੇਂ ਆਗੂਆਂ ਵਿਚਕਾਰ ਪੰਜਾਬ ਨਾਲ ਜੁੜੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਵਿਕਾਸ ਦੇ ਮਸਲਿਆਂ 'ਤੇ ਵਿਸਥਾਰਪੂਰਵਕ ਚਰਚਾ ਹੋਈ | ਮੁਲਾਕਾਤ ਦੌਰਾਨ ਅਜੈਵੀਰ ਸਿੰਘ ਲਾਲਪੁਰਾ ਨੇ ਪੰਜਾਬ ਦੀ ਮੌਜੂਦਾ ਸਥਿਤੀ, ਕਾਨੂੰਨ ਵਿਵਸਥਾ, ਬੇਰੁਜ਼ਗਾਰੀ, ਉਦਯੋਗਾਂ ਦੀ ਹਾਲਤ ਅਤੇ ਸਰਹੱਦੀ ਖੇਤਰਾਂ ਨਾਲ ਸੰਬੰਧਿਤ ਮਸਲਿਆਂ ਬਾਰੇ ਮੁੱਖ ਮੰਤਰੀ ਸੈਣੀ ਨਾਲ ਵਿਚਾਰ ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਇੱਕ ਮਹੱਤਵਪੂਰਨ ਸਰਹੱਦੀ ਸੂਬਾ ਹੈ ਅਤੇ ਇਸ ਦੇ ਵਿਕਾਸ ਲਈ ਕੇਂਦਰ ਅਤੇ ਗੁਆਂਢੀ ਸੂਬਿਆਂ ਨਾਲ ਬਿਹਤਰ ਤਾਲਮੇਲ ਬਹੁਤ ਜ਼ਰੂਰੀ ਹੈ | ਲਾਲਪੁਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ, ਰੋਜ਼ਗਾਰ ਦੇ ਮੌਕੇ ਅਤੇ ਸੁਰੱਖਿਅਤ ਮਾਹੌਲ ਮਿਲਣਾ ਚਾਹੀਦਾ ਹੈ ਅਤੇ ਇਸ ਲਈ ਸਰਕਾਰਾਂ ਨੂੰ ਮਿਲ ਕੇ ਸਕਾਰਾਤਮਿਕ ਯਤਨ ਕਰਨੇ ਚਾਹੀਦੇ ਹਨ | ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਖੇਤਰੀ ਵਿਕਾਸ ਅਤੇ ਲੋਕਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਗੁਆਂਢੀ ਰਾਜਾਂ ਵਿਚਕਾਰ ਸਹਿਯੋਗ ਅਤੇ ਸੰਵਾਦ ਲਗਾਤਾਰ ਜਾਰੀ ਰਹਿਣਾ ਚਾਹੀਦਾ ਹੈ |