ਰੂਪਨਗਰ, 10 ਮਾਰਚ (ਸਤਨਾਮ ਸਿੰਘ ਸੱਤੀ)-ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਹੋਣ ਵਾਲੇ ਵਿਸ਼ੇਸ਼ ਸਮਾਗਮ ਦੌਰਾਨ ਜ਼ਿਲ੍ਹਾ ਰੂਪਨਗਰ ਦੇ ਪਿੰਡ ਕਟਲੀ ਅਤੇ ਪਪਰਾਲਾ ਦੀਆਂ ਪੰਚਾਇਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਸ ਸਮਾਗਮ ਵਿਚ ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਵਲੋਂ ਪਾਣੀ ਦੀ ਸਪਲਾਈ ਦੇ ਵਧੀਆ ਪ੍ਰਬੰਧ ਅਤੇ ਰੱਖ-ਰਖਾਅ ਲਈ ਪੰਚਾਇਤਾਂ ਦਾ ਸਨਮਾਨ ਕੀਤਾ ਜਾਵੇਗਾ | ਪਿੰਡ ਕਟਲੀ ਦੀ ਸਰਪੰਚ ਸ੍ਰੀਮਤੀ ਗੁਰਪ੍ਰੀਤ ਕੌਰ ਅਤੇ ਪਿੰਡ ਪਪਰਾਲਾ ਦੀ ਸਰਪੰਚ ਸ੍ਰੀਮਤੀ ਜਸਵੰਤ ਕੌਰ ਨੂੰ ਸਮਾਗਮ ਵਿਚ ਸ਼ਿਰਕਤ ਕਰਨ ਲਈ ਵਿਸ਼ੇਸ਼ ਸੱਦਾ ਦਿੱਤਾ ਗਿਆ ਹੈ | ਦੋਵੇਂ ਮਹਿਲਾ ਸਰਪੰਚਾਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਦਿੱਲੀ ਵਿਚ ਹੋਣ ਵਾਲੇ ਸਮਾਗਮ ਲਈ ਚੁਣਿਆ ਜਾਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ |