ਬੇਲਾ, 10 ਮਾਰਚ (ਮਨਜੀਤ ਸਿੰਘ ਸੈਣੀ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਇੰਟਰਨਲ ਕੰਪਲੇਂਟ ਸੈੱਲ (ਆਈ.ਸੀ.ਸੀ.) ਅਤੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ (ਆਈ.ਆਈ.ਸੀ.) ਦੇ ਸਹਿਯੋਗ ਨਾਲ ਦੋ ਰੋਜ਼ਾ ਸਵੈ-ਰੱਖਿਆ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਵਿਚ ਮੁੱਖ ਟਰੇਨਰ ਵਜੋਂ ਭੁਪਿੰਦਰ ਸਿੰਘ ਢਿੱਲੋਂ ਅਤੇ ਮਾਰਸ਼ਲ ਆਰਟਸ 'ਤੇ ਟਰੇਨਰ ਦਲਜੀਤ ਕੌਰ ਨੇ ਵਿਦਿਆਰਥਣਾਂ ਨੂੰ ਸਵੈ-ਰੱਖਿਆ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਰੋਜ਼ਮਰਾ ਜੀਵਨ ਵਿਚ ਆਪਣੀ ਸੁਰੱਖਿਆ ਲਈ ਸੁਚੇਤ ਰਹਿਣ ਦੀ ਪ੍ਰੇਰਣਾ ਦਿੱਤੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਮਹਿਲਾਵਾਂ ਲਈ ਸਵੈ-ਰੱਖਿਆ ਦੇ ਗੁਣ ਸਿੱਖਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਆਤਮ-ਵਿਸ਼ਵਾਸ ਅਤੇ ਆਪਣੀ ਸੁਰੱਖਿਆ ਦੀ ਸਮਝ ਵੀ ਹਰ ਵਿਦਿਆਰਥੀ ਲਈ ਲਾਜ਼ਮੀ ਹੈ | ਅਜਿਹੀ ਵਰਕਸ਼ਾਪ ਵਿਦਿਆਰਥਣਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ਬਣਾਉਣ ਵਿਚ ਮਦਦਗਾਰ ਸਾਬਤ ਹੁੰਦੀਆਂ ਹਨ | ਇਸ ਤੋਂ ਇਲਾਵਾ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ Tਬੇਟੀ ਬਚਾਓ, ਬੇਟੀ ਪੜ੍ਹਾਓU ਵਿਸ਼ੇ 'ਤੇ ਇੱਕ ਡਾਕੂਮੈਂਟਰੀ ਫ਼ਿਲਮ ਵਿਦਿਆਰਥੀਆਂ ਨੂੰ ਦਿਖਾਈ ਗਈ, ਜਿਸ ਰਾਹੀਂ ਕੁੜੀਆਂ ਦੀ ਸਿੱਖਿਆ ਅਤੇ ਸਮਾਜ ਵਿਚ ਉਨ੍ਹਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ | ਇਸ ਦੇ ਨਾਲ-ਨਾਲ ਵਿਦਿਆਰਥਣਾਂ ਵਲੋਂ ਬਣਾਈਆਂ ਗਈਆਂ ਕਲਾ ਕਿ੍ਤੀਆਂ ਦੀ ਮਹਿਲਾ ਕਲਾ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿਚ ਦਸਤਕਾਰੀ ਦੀਆਂ ਸੁੰਦਰ ਕਲਾਵਾਂ ਪੇਸ਼ ਕੀਤੀਆਂ ਗਈਆਂ | ਹਿਊਮੈਨਟੀਜ਼ ਵਿਭਾਗ ਵਲੋਂ ਵੀ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਇਤਿਹਾਸਕ ਮਹੱਤਤਾ ਬਾਰੇ ਇੱਕ ਜਾਣਕਾਰੀ ਪੂਰਨ ਲੈਕਚਰ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਇਸ ਦਿਨ ਦੇ ਇਤਿਹਾਸ, ਮਹਿਲਾਵਾਂ ਦੇ ਅਧਿਕਾਰਾਂ ਲਈ ਹੋਏ ਸੰਘਰਸ਼ ਅਤੇ ਸਮਾਜ ਵਿਚ ਮਹਿਲਾਵਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਜਾਣੰੂ ਕਰਵਾਇਆ ਗਿਆ | ਅੰਤ 'ਚ ਆਈ.ਆਈ.ਸੀ. ਦੇ ਕਨਵੀਨਰ ਪੋ. ਪਰਮਿੰਦਰ ਕੌਰ ਨੇ ਆਏ ਹੋਏ ਮੁੱਖ ਟਰੇਨਰ ਭੁਪਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ | ਇਸ ਮੌਕੇ ਡਾ. ਮਮਤਾ ਅਰੋੜਾ, ਪੋ. ਸੁਨੀਤਾ ਰਾਣੀ, ਡਾ. ਦੀਪਿਕਾ, ਪੋ. ਇਸ਼ੂ ਬਾਲਾ, ਡਾ. ਹਰਪ੍ਰੀਤ ਕੌਰ ਅਤੇ ਪ੍ਰੋ. ਗਗਨਦੀਪ ਕੌਰ ਹਾਜ਼ਰ ਸਨ |