ਰੂਪਨਗਰ, 10 ਮਾਰਚ (ਸਤਨਾਮ ਸਿੰਘ ਸੱਤੀ)-ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਚੇਅਰਮੈਨ ਬਲਬੀਰ ਸਿੰਘ ਜੰਡੂ, ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਨੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਬਜਟ ਵਿਚ ਪੱਤਰਕਾਰਾਂ ਨੂੰ ਪੂਰੀ ਤਰ੍ਹਾਂ ਅਣਡਿੱਠਾ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ | ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਆਖ਼ਰੀ ਬਜਟ ਵਿਚ ਵੀ ਪੱਤਰਕਾਰਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਜਿਸ ਮੀਡੀਆ ਦੇ ਸਹਾਰੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ, ਉਹੀ ਸਰਕਾਰ ਹੁਣ ਮੀਡੀਆ ਵੱਲ ਪਿੱਠ ਕਰ ਕੇ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੱਤਾਧਾਰੀ ਧਿਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪੈ ਸਕਦਾ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਵੱਖ-ਵੱਖ ਮੌਕਿਆਂ 'ਤੇ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਬਜਟ ਵਿਚ ਪੱਤਰਕਾਰਾਂ ਅਤੇ ਡੈਸਕ ਸਟਾਫ਼ ਲਈ ਪੈਨਸ਼ਨ, ਹਰਿਆਣਾ ਪੈਟਰਨ 'ਤੇ ਮੁਫ਼ਤ ਬੱਸ ਸਫ਼ਰ, ਐਕਸ-ਗਰੇਸ਼ੀਆ ਸਕੀਮ ਵਿਚ ਸ਼ਾਮਲ ਕਰਨ, ਚੰਡੀਗੜ੍ਹ ਸਥਿਤ ਪੱਤਰਕਾਰਾਂ ਲਈ ਮਕਾਨਾਂ ਦਾ ਕੋਟਾ 50 ਫੀਸਦੀ ਕਰਨ ਅਤੇ ਜ਼ਿਲਿ੍ਹਆਂ ਵਿਚ ਪੱਤਰਕਾਰਾਂ ਲਈ ਸਸਤੀਆਂ ਦਰਾਂ 'ਤੇ ਪਲਾਟ ਦੇਣ ਵਰਗੀਆਂ ਮੰਗਾਂ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਿ੍ੰਟ ਅਤੇ ਇਲੈੱਕਟ੍ਰਾਨਿਕ ਮੀਡੀਆ ਦੇ ਨਿਊਜ਼ ਡੈਸਕ 'ਤੇ ਕੰਮ ਕਰਨ ਵਾਲੇ ਮੀਡੀਆ ਕਰਮੀਆਂ ਨੂੰ ਫ਼ੀਲਡ ਪੱਤਰਕਾਰਾਂ ਵਾਲੀਆਂ ਸਹੂਲਤਾਂ ਅਤੇ ਸਾਰੇ ਪੱਤਰਕਾਰਾਂ ਲਈ ਸਿਹਤ ਬੀਮਾ ਯੋਜਨਾ ਲਾਗੂ ਕਰਨ ਦੇ ਮਾਮਲੇ ਵਿਚ ਵੀ ਸਰਕਾਰ ਵਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ | ਯੂਨੀਅਨ ਨੇ ਸਰਕਾਰ ਦੇ ਪੱਤਰਕਾਰ ਵਿਰੋਧੀ ਰਵੱਈਏ ਦੇ ਖ਼ਿਲਾਫ਼ ਸੂਬੇ ਭਰ ਵਿਚ ਹਰ ਪੱਧਰ 'ਤੇ ਸੰਘਰਸ਼ ਵਿੱਢਣ ਦਾ ਐਲਾਨ ਵੀ ਕੀਤਾ ਹੈ |