ਰੂਪਨਗਰ, 11 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਅੱਜ ਗੈਸ ਸਿਲੰਡਰ ਏਜੰਸੀਆਂ ਦੇ ਮਾਲਕਾਂ ਨਾਲ ਅਹਿਮ ਮੀਟਿੰਗ ਕਰਦਿਆਂ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਪੱਧਰ ਉੱਤੇ ਘਰੇਲੂ ਗੈਸ ਸਿਲੰਡਰਾਂ ਦਾ ਭੰਡਾਰ ਕਰਨ ਅਤੇ ਕਾਲਾਬਾਜ਼ਾਰੀ ਕਰਨ ਉੱਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸੈਂਸ਼ੀਅਲ ਕੋਮੋਡਿਟੀਜ਼ ਐਕਟ, 1955 ਤੇ ਪ੍ਰੀਵੈਂਸ਼ਨ ਆਫ ਬਲੈਕ ਮਾਰਕੀਟਿੰਗ ਅਤੇ ਮੈਂਟੇਂਨਸ ਆਫ ਸਪਲਾਈਜ਼ ਆਫ ਇਸੈਂਸ਼ੀਅਲ ਕੋਮੋਡਿਟੀ ਐਕਟ 1980 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਮੀਟਿੰਗ ਦੀ ਅਗਵਾਈ ਕਰਦਿਆਂ ਜ਼ਿਲ੍ਹੇ ਵਿਚ ਮੌਜੂਦਾ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਅਤੇ ਉਪਲਬਧਤਾ ਸੰਬੰਧੀ ਜਾਣਕਾਰੀ ਲਈ ਅਤੇ ਕਿਹਾ ਕਿ ਘਰੇਲੂ ਗੈਸ ਸਿਲੰਡਰਾਂ ਨੂੰ ਗੈਰਕਾਨੂੰਨੀ ਢੰਗ ਦੇ ਨਾਲ ਨਾ ਵੇਚਿਆ ਜਾਵੇ ਅਤੇ ਨਾ ਹੀ ਕਾਲਾਬਾਜ਼ਾਰੀ ਕੀਤਾ ਜਾਵੇ | ਜਿਸ ਸਬੰਧੀ ਏਜੰਸੀ ਮਾਲਕਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਗੈਸ ਸਿਲੰਡਰਾਂ ਦੀ ਉਪਲਬਧਤਾ ਹੈ, ਪਰ ਗੈਸ ਬੁੱਕ ਕਰਨ ਵਾਲੀ ਵੈੱਬਸਾਈਟ ਉੱਤੇ ਕੁੱਝ ਤਕਨੀਕੀ ਕਾਰਨ ਬੁਕਿੰਗ ਘੱਟ ਹੋਣ ਸਦਕਾ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਡਿਪਟੀ ਕਮਿਸ਼ਨਰ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਤੁਰੰਤ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਕਰਨ ਵਾਲੀਆਂ ਕੰਪਨੀਆਂ ਨੂੰ ਵੈੱਬਸਾਈਟ ਸਬੰਧੀ ਤਕਨੀਕੀ ਖਰਾਬੀ ਨੂੰ ਠੀਕ ਕਰਨ ਦੀ ਹਦਾਇਤ ਦਿੱਤੀ ਅਤੇ ਕਿਹਾ ਕਿ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਯਕੀਨੀ ਕੀਤੀ ਜਾਵੇ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਇਹਨਾਂ ਜ਼ਰੂਰੀ ਵਸਤੂਆਂ ਦੀ ਸਪਲਾਈ ਸੁਚਾਰੂ ਢੰਗ ਨਾਲ ਬਣਾਈ ਜਾਵੇ ਅਤੇ ਕਿਸੇ ਵੀ ਕਿਸਮ ਦੀ ਕਾਲਾਬਾਜ਼ਾਰੀ ਜਾਂ ਗ਼ੈਰਕਾਨੂੰਨੀ ਸਟੋਰੇਜ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਸਬੰਧੀ ਸੁਚੇਤ ਕੀਤਾ ਜਾਵੇ ਕਿ ਪੈਟਰੋਲ ਡੀਜ਼ਲ ਅਤੇ ਘਰੇਲੂ ਗੈਰ ਸਿਲੰਡਰ ਦੀ ਜ਼ਿਲ੍ਹੇ ਵਿੱਚ ਕੋਈ ਕਮੀ ਨਹੀਂ ਹੈ ਤੇ ਇਸ ਸਬੰਧੀ ਕੋਈ ਅਫਵਾਹ ਨਾ ਫੈਲਾਈ ਜਾਵੇ | ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤੂਆਂ ਦੀ ਸਪਲਾਈ ਅਤੇ ਵੰਡ ਉੱਤੇ ਨਿਗਰਾਨੀ ਰੱਖਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |