ਸ੍ਰੀ ਅਨੰਦਪੁਰ ਸਾਹਿਬ, 11 ਮਾਰਚ (ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵਲੋਂ ਮਨੁੱਖੀ ਅਧਿਕਾਰਾਂ ਅਤੇ ਔਰਤਾਂ ਦੇ ਹੱਕਾਂ ਦੀ ਰਾਖੀ ਦੇ ਵਿਸ਼ੇ ਤੇ ਇੱਕ ਰੋਜ਼ਾ ਸਿਖਲਾਈ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨਵੀਂ ਦਿੱਲੀ ਅਤੇ ਕਾਲਜ ਦੇ ਆਈ.ਕੇ.ਐਸ. ਸੈੱਲ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਮਾਗਮ ਦਾ ਮੁੱਖ ਉਦੇਸ਼ ਕਾਲਜ ਦੀਆਂ ਵਿਦਿਆਰਥਣਾਂ ਨੂੰ ਮਨੁੱਖੀ ਅਧਿਕਾਰਾਂ ਅਤੇ ਔਰਤਾਂ ਦੇ ਹੱਕਾਂ ਬਾਰੇ ਜਾਗਰੂਕ ਕਰਨਾ ਸੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਦਾ ਫਰਜ਼ ਹੈ ਕਿ ਉਹ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਨਾਲ ਸਮਾਜ ਤੇ ਆਲੇ ਦੁਆਲੇ ਬਾਰੇ ਜਾਣੂ ਕਰਵਾਉਣ | ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਅਤੇ ਔਰਤਾਂ ਦੀ ਇੱਜ਼ਤ ਦੀ ਰਾਖੀ ਹਰ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ ਅਤੇ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਜਿੰਮੇਵਾਰ ਬਣਾਉਂਦੇ ਹਨ | ਇਸ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮਾਲਵੀਆ ਮਿਸ਼ਨ ਦੀ ਪ੍ਰੋਜੈਕਟ ਡਾਇਰੈਕਟਰ ਅਤੇ ਪ੍ਰੋਫੈਸਰ ਡਾ. ਜੈਅੰਤੀ ਦੱਤਾ ਨੇ ਵਿਦਿਆਰਥਣਾਂ ਨੂੰ ਆਪਣੀ ਵਿਲੱਖਣਤਾ ਨੂੰ ਪਹਿਚਾਣਨ ਅਤੇ ਔਰਤ ਹੋਣ 'ਤੇ ਮਾਣ ਮਹਿਸੂਸ ਕਰਨ ਲਈ ਪ੍ਰੇਰਿਤ ਕੀਤਾ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕਾਨੂੰਨ ਵਿਭਾਗ ਦੀ ਪ੍ਰੋਫੈਸਰ ਡਾ. ਸੁਪਿੰਦਰ ਕੌਰ ਨੇ ਕਿਹਾ ਕਿ ਭਾਰਤੀ ਕਾਨੂੰਨ ਔਰਤਾਂ ਨੂੰ ਪੂਰਨ ਸੁਰੱਖਿਆ ਪ੍ਰਦਾਨ ਕਰਦਾ ਹੈ | ਐਡਵੋਕੇਟ ਜਸਪਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਔਰਤਾਂ ਅਤੇ ਬੱਚਿਆਂ ਨਾਲ ਹੋ ਰਹੇ ਸ਼ੋਸ਼ਣ ਸੰਬੰਧੀ ਜਾਗਰੂਕ ਕੀਤਾ ਅਤੇ ਵੱਖ-ਵੱਖ ਹੈਲਪਲਾਈਨਾਂ ਬਾਰੇ ਜਾਣਕਾਰੀ ਦਿੱਤੀ | ਇਸੇ ਤਰ੍ਹਾਂ ਇਲਾਕੇ ਦੀ ਨਾਮਵਰ ਇਸਤਰੀ ਰੋਗ ਮਾਹਿਰ ਡਾ. ਸਵਿਤਾ ਕੋਹਲੀ ਨੇ ਵਿਦਿਆਰਥਣਾਂ ਨੂੰ ਸਿਹਤ ਸਮੱਸਿਆਵਾਂ ਅਤੇ ਉਨ੍ਹਾਂ ਦੇ ਉਪਚਾਰ ਸਬੰਧੀ ਕਿਹਾ ਕਿ ਚੰਗੀ ਸਿਹਤ ਮਨੁੱਖ ਨੂੰ ਮਾਨਸਿਕ ਤੌਰ 'ਤੇ ਮਜ਼ਬੂਤ ਬਣਾਉਂਦੀ ਹੈ | ਸਮਾਗਮ ਦੇ ਅੰਤ ਵਿਚ ਕਾਲਜ ਦੇ ਅੰਗਰੇਜ਼ੀ ਵਿਭਾਗ ਦੇ ਮੁੱਖੀ ਅਤੇ ਕੋਆਰਡੀਨੇਟਰ ਡਾ. ਗੁਰਪ੍ਰੀਤ ਕੌਰ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਮੰਚ ਸੰਚਾਲਣ ਦੀ ਭੂਮਿਕਾ ਪ੍ਰੋ. ਦਿਲਸ਼ੇਰਬੀਰ ਸਿੰਘ ਅਤੇ ਪ੍ਰੋ. ਸ਼ਗੁਨਪ੍ਰੀਤ ਕੌਰ ਵਲੋਂ ਨਿਭਾਈ ਗਈ | ਇਸ ਮੌਕੇ ਪ੍ਰੋ. ਪਰਵਿੰਦਰ ਕੌਰ, ਡਾ. ਗੁਰਪ੍ਰੀਤ ਕੌਰ ਰੇਖੀ, ਡਾ. ਮਨਪ੍ਰੀਤ ਕੌਰ,ਡਾ. ਅਮਨਪ੍ਰੀਤ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਨੇਹਾ ਪ੍ਰਭਾਕਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਅਮਰਜੋਤ ਸਿੰਘ ਅਤੇ ਪ੍ਰੋ. ਬਬਨਜੋਤ ਸਿੰਘ ਸਮੇਤ ਕਾਲਜ ਦਾ ਵੱਡੀ ਗਿਣਤੀ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |