ਸ੍ਰੀ ਅਨੰਦਪੁਰ ਸਾਹਿਬ, 27 ਮਾਰਚ (ਕਰਨੈਲ ਸਿੰਘ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਭਗ 100 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਪ੍ਰਸ਼ਾਸਕੀ ਕੰਪਲੈਕਸ ਬਣਾਇਆ ਜਾਵੇਗਾ | ਇਹ ਕੰਪਲੈਕਸ ਵਿਰਾਸਤੀ ਆਰਕੀਟੈਕਚਰ ਸ਼ੈਲੀ 'ਚ ਤਿਆਰ ਕੀਤਾ ਜਾਵੇਗਾ, ਜੋ ਇਲਾਕੇ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਨੂੰ ਧਿਆਨ 'ਚ ਰੱਖਦਿਆਂ ਡਿਜ਼ਾਇਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਵਿਕਾਸ ਲਈ ਮੀਲ ਪੱਥਰ ਸਾਬਤ ਹੋਵੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਨਵਾਂ ਮਿਆਰ ਸੈੱਟ ਕਰੇਗਾ | ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਇਸ ਪ੍ਰੋਜੈਕਟ ਦਾ ਐਲਾਨ ਕੀਤਾ ਗਿਆ ਸੀ, ਇਹ 4 ਮੰਜ਼ਿਲਾਂ ਆਧੁਨਿਕ ਇਮਾਰਤ ਹੋਵੇਗੀ, ਜਿਸ 'ਚ 27 ਪ੍ਰਮੁੱਖ ਸਰਕਾਰੀ ਦਫ਼ਤਰ ਇੱਕੋ ਛੱਤ ਹੇਠ ਲਿਆਂਦੇ ਜਾਣਗੇ | ਇਸ ਨਾਲ ਆਮ ਜਨਤਾ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਕੱਟਣ ਤੋਂ ਰਾਹਤ ਮਿਲੇਗੀ ਅਤੇ ਸਰਕਾਰੀ ਸੇਵਾਵਾਂ ਇੱਕ ਥਾਂ 'ਤੇ ਆਸਾਨੀ ਨਾਲ ਉਪਲੱਬਧ ਹੋਣਗੀਆਂ | ਉਨ੍ਹਾਂ ਕਿਹਾ ਕਿ ਇਹ ਕੰਪਲੈਕਸ ਪ੍ਰਸ਼ਾਸਕੀ ਕੰਮਾਂ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ 'ਚ ਮਦਦਗਾਰ ਸਾਬਤ ਹੋਵੇਗਾ | ਇਸੇ ਕੰਪਲੈਕਸ ਦੇ ਅੰਦਰ ਨਵਾਂ ਜੁਡੀਸ਼ੀਅਲ ਕੰਪਲੈਕਸ ਵੀ ਤਿਆਰ ਕੀਤਾ ਜਾਵੇਗਾ, ਜਿਸ ਨਾਲ ਕਾਨੂੰਨੀ ਕਾਰਵਾਈਆਂ ਨੂੰ ਵੀ ਇੱਕ ਸੁਚੱਜੇ ਅਤੇ ਆਧੁਨਿਕ ਮਾਹੌਲ 'ਚ ਅੰਜਾਮ ਦਿੱਤਾ ਜਾ ਸਕੇਗਾ | ਉਨ੍ਹਾਂ ਕਿਹਾ ਕਿ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਇਹ ਕਦਮ ਬਹੁਤ ਹੀ ਮਹੱਤਵਪੂਰਨ ਹੈ ਅਤੇ ਇਸ ਨਾਲ ਵਕੀਲ ਭਾਈਚਾਰੇ ਅਤੇ ਆਮ ਲੋਕਾਂ ਦੋਵਾਂ ਨੂੰ ਵੱਡੀ ਸਹੂਲਤ ਪ੍ਰਾਪਤ ਹੋਵੇਗੀ | ਸ. ਬੈਂਸ ਨੇ ਇਹ ਵੀ ਦੱਸਿਆ ਕਿ ਨਵੇਂ ਪ੍ਰਸ਼ਾਸਕੀ ਕੰਪਲੈਕਸ ਦੇ ਗਰਾਊਾਡ ਫਲੋਰ 'ਤੇ ਪਬਲਿਕ ਵਿੰਡੋ ਡੈਸਕ ਸਥਾਪਿਤ ਕੀਤੇ ਜਾਣਗੇ, ਜਿੱਥੇ ਹਰ ਵਿਭਾਗ ਦੀਆਂ ਸੇਵਾਵਾਂ ਸਿੱਧੇ ਤੌਰ 'ਤੇ ਲੋਕਾਂ ਲਈ ਉਪਲਬਧ ਹੋਣਗੀਆਂ | ਉਨ੍ਹਾਂ ਭਰੋਸਾ ਦਿਵਾਇਆ ਕਿ ਇਹ ਪ੍ਰੋਜੈਕਟ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਇੱਕ ਆਧੁਨਿਕ ਅਤੇ ਸੁਵਿਧਾਜਨਕ ਪ੍ਰਸ਼ਾਸਕੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ |