ਰੂਪਨਗਰ, 27 ਮਾਰਚ (ਸਤਨਾਮ ਸਿੰਘ ਸੱਤੀ)-ਬਲਾਕ ਸੰਮਤੀ ਰੂਪਨਗਰ ਦੇ ਨਵੇਂ ਚੁਣੇ ਗਏ ਚੇਅਰਮੈਨ ਸ. ਮਲਕੀਤ ਸਿੰਘ ਭੰਗੂ ਅਤੇ ਵਾਈਸ ਚੇਅਰਮੈਨ ਬੀਬੀ ਮਨਜੀਤ ਕੌਰ ਨੇ ਬੀ.ਡੀ.ਪੀ.ਓ. ਦਫ਼ਤਰ ਰੂਪਨਗਰ ਵਿਖੇ ਆਪਣਾ ਅਹੁਦਾ ਸੰਭਾਲਿਆ | ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਉਨ੍ਹਾਂ ਦੀ ਤਾਜਪੋਸ਼ੀ ਕਰਕੇ ਵਧਾਈ ਦਿੱਤੀ ਗਈ | ਸਮਾਗਮ ਦੌਰਾਨ ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਗ੍ਰਾਮ ਪੰਚਾਇਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ | ਉਨ੍ਹਾਂ ਕਿਹਾ ਕਿ ਨਵੇਂ ਚੁਣੇ ਪ੍ਰਤੀਨਿਧੀ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉੱਤਰਦੇ ਹੋਏ ਇਲਾਕੇ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ | ਇਸ ਮੌਕੇ ਸਰਬਸੰਮਤੀ ਨਾਲ ਚੁਣੀਆਂ ਗਈਆਂ 15 ਪੰਚਾਇਤਾਂ ਨੂੰ ਪ੍ਰਤੀ ਪੰਚਾਇਤ 5-5 ਲੱਖ ਰੁਪਏ ਦੇ ਚੈੱਕ ਵੰਡੇ ਗਏ, ਜਿਸ ਤਹਿਤ ਕੁੱਲ 75 ਲੱਖ ਰੁਪਏ ਜਾਰੀ ਕੀਤੇ ਗਏ | ਇਹ ਰਕਮ ਪਿੰਡਾਂ ਵਿਚ ਬੁਨਿਆਦੀ ਢਾਂਚੇ, ਸਫ਼ਾਈ ਪ੍ਰਬੰਧ ਅਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਰਤੀ ਜਾਵੇਗੀ | ਇਸ ਤੋਂ ਇਲਾਵਾ 15ਵੇਂ ਵਿੱਤ ਕਮਿਸ਼ਨ ਤਹਿਤ 14 ਪਿੰਡਾਂ ਦੀਆਂ ਪੰਚਾਇਤਾਂ ਨੂੰ 80 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੀ ਵੰਡੇ ਗਏ, ਜਿਸ ਨਾਲ ਪਿੰਡ ਪੱਧਰ 'ਤੇ ਵਿਕਾਸ ਕੰਮਾਂ ਨੂੰ ਹੋਰ ਗਤੀ ਮਿਲੇਗੀ | ਇਸ ਮੌਕੇ ਪਿੰਡ ਸਾਹੋਮਾਜਰਾ ਵਿਚ ਲਾਲ ਲਕੀਰ ਹੇਠ ਆਉਣ ਵਾਲੇ 14 ਮਕਾਨ ਮਾਲਕਾਂ ਨੂੰ ਮਲਕੀਅਤ ਦੇ ਹੱਕ ਪ੍ਰਦਾਨ ਕੀਤੇ ਗਏ, ਜਿਸ ਨਾਲ ਉਨ੍ਹਾਂ ਨੂੰ ਕਾਨੂੰਨੀ ਸੁਰੱਖਿਆ ਅਤੇ ਆਰਥਿਕ ਮਜ਼ਬੂਤੀ ਮਿਲੇਗੀ | ਨਵੇਂ ਚੇਅਰਮੈਨ ਮਲਕੀਤ ਸਿੰਘ ਭੰਗੂ ਅਤੇ ਵਾਈਸ ਚੇਅਰਮੈਨ ਮਨਜੀਤ ਕੌਰ ਨੇ ਭਰੋਸਾ ਦਿਵਾਇਆ ਕਿ ਉਹ ਇਲਾਕੇ ਦੇ ਸਮੂਹਿਕ ਵਿਕਾਸ ਲਈ ਇਮਾਨਦਾਰੀ ਅਤੇ ਨਿਸ਼ਠਾ ਨਾਲ ਕੰਮ ਕਰਨਗੇ | ਇਸ ਮੌਕੇ ਚੇਅਰਮੈਨ ਭਾਗ ਸਿੰਘ ਮਦਾਨ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਬੀ.ਡੀ.ਪੀ.ਓ. ਅਮਿਤ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਿੰਦਰ ਕੌਰ, ਬਲਾਕ ਸੰਮਤੀ ਮੈਂਬਰਾਂ, ਸਰਪੰਚਾਂ, ਪੰਚਾਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਹਾਜ਼ਰੀ ਭਰੀ |