ਰੂਪਨਗਰ, 28 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਵਲੋਂ ਅੱਜ ਅਧਿਕਾਰੀਆਂ ਅਤੇ ਆਇਲ ਮਾਰਕੀਟਿੰਗ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਰੂਪਨਗਰ ਡਾ. ਕਿੰਮੀ ਵਨੀਤ ਕੌਰ ਸੇਠੀ, ਸੇਲਜ਼ ਅਫ਼ਸਰ (ਆਇਲ ਮਾਰਕੀਟਿੰਗ ਕੰਪਨੀਆਂ) ਅਤੇ ਜ਼ਿਲ੍ਹੇ ਦੇ ਵੱਖ-ਵੱਖ ਪੈਟਰੋਲ ਪੰਪਾਂ ਦੇ ਮਾਲਕਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਆਇਲ ਮਾਰਕੀਟਿੰਗ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਗਿਆ ਕਿ ਜ਼ਿਲ੍ਹੇ ਵਿਚ ਪੈਟਰੋਲ, ਡੀਜ਼ਲ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ | ਉਨ੍ਹਾਂ ਕਿਹਾ ਕਿ ਇਸਦੀ ਸਪਲਾਈ ਪੂਰੀ ਤਰ੍ਹਾਂ ਨਿਰਵਿਘਨ ਅਤੇ ਲਗਾਤਾਰ ਜਾਰੀ ਹੈ ਅਤੇ ਭਵਿੱਖ ਵਿਚ ਵੀ ਇਸ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ | ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਲ.ਪੀ.ਜੀ. ਗੈਸ ਸਪਲਾਈ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਅਸੁਵਿਧਾ ਨੂੰ ਤੁਰੰਤ ਦੂਰ ਕਰਨ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੈਟਰੋਲ ਜਾਂ ਡੀਜ਼ਲ ਦੀ ਘਾਟ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਨਾ ਹੀ ਘਬਰਾਹਟ ਵਿਚ ਆ ਕੇ ਵਧੇਰੇ ਮਾਤਰਾ ਵਿਚ ਇਸਦਾ ਸਟੋਰ ਕੀਤਾ ਜਾਵੇ | ਉਨ੍ਹਾਂ ਹੋਰ ਕਿਹਾ ਕਿ ਆਮ ਜ਼ਰੂਰਤ ਅਨੁਸਾਰ ਹੀ ਐਲ.ਪੀ.ਜੀ. ਦੀ ਖਪਤ ਕੀਤੀ ਜਾਵੇ ਤਾਂ ਜੋ ਸਪਲਾਈ ਪ੍ਰਣਾਲੀ ਸੁਚਾਰੂ ਢੰਗ ਨਾਲ ਚੱਲਦੀ ਰਹੇ | ਡਿਪਟੀ ਕਮਿਸ਼ਨਰ ਵਲੋਂ ਆਇਲ ਕੰਪਨੀਆਂ ਦੇ ਸੇਲਜ਼ ਅਧਿਕਾਰੀਆਂ ਨਾਲ ਵੀ ਸਿੱਧੀ ਗੱਲਬਾਤ ਕੀਤੀ ਗਈ, ਜਿਨ੍ਹਾਂ ਵਲੋਂ ਦੁਬਾਰਾ ਭਰੋਸਾ ਦਿਵਾਇਆ ਗਿਆ ਕਿ ਜ਼ਿਲ੍ਹੇ ਵਿਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ ਰਹੇਗੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਈਪਡ ਨੈਚੁਰਲ ਗੈਸ ਦੇ ਕੁਨੈਕਸ਼ਨ ਰਾਹੀਂ ਸ਼ਹਿਰ ਵਾਸੀ ਆਪਣੇ ਘਰ ਵਿਚ ਸਿੱਧਾ ਗੈਸ ਕੁਨੈਕਸ਼ਨ ਲਿਆ ਜਾ ਸਕਦਾ ਜਿਸ ਲਈ ਸੰਪਰਕ ਨੰਬਰ 73409-98992 ਤੇ 01881-505487 'ਤੇ ਰਾਬਤਾ ਕਰਕੇ ਕਰਕੇ ਪਾਈਪਡ ਨੈਚੂਰਲ ਗੈਸ ਦੇ ਕੁਨੈਕਸ਼ਨ ਦੀ ਜਾਣਕਾਰੀ ਲਈ ਜਾ ਸਕਦੀ ਹੈ |