ਰੂਪਨਗਰ, 28 ਮਾਰਚ (ਸਤਨਾਮ ਸਿੰਘ ਸੱਤੀ)-ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਨਗਰ ਕੌਂਸਲ ਰੂਪਨਗਰ ਵਲੋਂ ਬਾਈਪਾਸ 'ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ | ਇਸ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸ਼ਾਮਪੁਰਾ ਵਾਸੀ ਮੁਹੰਮਦ ਨਵੀ ਨੂੰ 1500 ਰੁਪਏ ਜੁਰਮਾਨਾ ਕੀਤਾ ਗਿਆ ਅਤੇ ਉਸ ਦੇ ਵਾਹਨ ਦਾ ਵੀ ਚਲਾਨ ਕੀਤਾ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਬਣਾਈ ਰੱਖਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਦੱਸਿਆ ਕਿ ਜਨਤਕ ਥਾਵਾਂ, ਸੜਕਾਂ ਅਤੇ ਬਾਈਪਾਸ 'ਤੇ ਕੂੜਾ ਸੁੱਟਣਾ ਨਾ ਸਿਰਫ਼ ਵਾਤਾਵਰਣ ਲਈ ਹਾਨੀਕਾਰਕ ਹੈ, ਸਗੋਂ ਇਸ ਨਾਲ ਸ਼ਹਿਰ ਦੀ ਸੁੰਦਰਤਾ 'ਤੇ ਵੀ ਨਕਾਰਾਤਮਕ ਅਸਰ ਪੈਂਦਾ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੂੜਾ ਸਿਰਫ਼ ਨਿਰਧਾਰਤ ਥਾਵਾਂ 'ਤੇ ਹੀ ਸੁੱਟਿਆ ਜਾਵੇ ਅਤੇ ਨਗਰ ਕੌਂਸਲ ਵਲੋਂ ਮੁਹੱਈਆ ਕਰਵਾਈਆਂ ਸਫ਼ਾਈ ਸਹੂਲਤਾਂ ਦਾ ਪੂਰਾ ਲਾਭ ਲਿਆ ਜਾਵੇ | ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਸ਼ਹਿਰ ਵਿਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ |
ਨਗਰ ਕੌਂਸਲ ਰੂਪਨਗਰ ਵਲੋਂ ਬਾਈਪਾਸ 'ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ
ਅਜੀਤ ਡੈਸਕ
29-03-2026