ਐੱਸ. ਏ. ਐੱਸ. ਨਗਰ, 5 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਹਾੜੀ ਸੀਜ਼ਨ 2026-27 ਦੌਰਾਨ ਸੂਬੇ ਦੀਆਂ ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੀਆਂ ਮੰਡੀਆਂ 'ਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀ ਸਹੂਲਤਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ, ਜਿਸ ਨੂੰ ਮੱਦੇਨਜ਼ਰ ਰੱਖਦਿਆਂ ਸਮੁੱਚੀਆਂ ਮੰਡੀਆਂ ਅਤੇ ਖ਼ਰੀਦ ਕੇਂਦਰਾਂ 'ਚ ਸਾਫ਼-ਸਫ਼ਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ ਤੇ ਛਾਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਲਈ ਕੁੱਲ 1896 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ | ਇਸ ਦੇ ਨਾਲ ਹੀ ਸੀਜ਼ਨ ਦੌਰਾਨ ਫ਼ਸਲ ਦੀ ਆਮਦ ਨੂੰ ਧਿਆਨ 'ਚ ਰੱਖਦਿਆਂ ਆਰਜ਼ੀ ਖ਼ਰੀਦ ਕੇਂਦਰ ਘੋਸ਼ਿਤ ਕਰਨ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ, ਜਿਸ ਦੇ ਤਹਿਤ ਹੁਣ ਤੱਕ 266 ਆਰਜ਼ੀ ਮੰਡੀਆਂ ਘੋਸ਼ਿਤ ਕੀਤੀਆਂ ਜਾ ਚੁੱਕੀਆਂ ਹਨ | ਉਨ੍ਹਾਂ ਦੱਸਿਆ ਕਿ ਕਣਕ ਦੀ ਖ਼ਰੀਦ ਵਾਸਤੇ ਸੂਬੇ ਨੂੰ ਅਪ੍ਰੈਲ ਮਹੀਨੇ ਲਈ 30,973 ਕਰੋੜ ਰੁ. ਦੀ ਕੈਸ਼ ਕ੍ਰੈਡਿਟ ਲਿਮਟ (ਸੀ. ਸੀ. ਐਲ.) ਪ੍ਰਾਪਤ ਹੋਈ ਹੈ | ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2585 ਰੁ. ਪ੍ਰਤੀ ਕੁਇੰਟਲ ਘੋਸ਼ਿਤ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 160 ਰੁ. ਵਧ ਹੈ | ਉਨ੍ਹਾਂ ਦੱਸਿਆ ਕਿ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਟੈਲੀਫ਼ੋਨ ਨੰ. 0172-5101649 ਅਤੇ 0172-5101704 ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨੰਬਰਾਂ 'ਤੇ ਸੰਪਰਕ ਕਰਨ 'ਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸੀਜ਼ਨ ਦੌਰਾਨ ਉੱਚ ਅਧਿਕਾਰੀਆਂ ਵਲੋਂ ਮੰਡੀਆਂ 'ਚ ਜਾ ਕੇ ਚੈਕਿੰਗ ਵੀ ਕੀਤੀ ਜਾਵੇਗੀ | ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਕਣਕ ਦੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਮੌਕੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ | ਚੇਅਰਮੈਨ ਬਰਸਟ ਨੇ ਆੜ੍ਹਤੀ ਅਤੇ ਮਜ਼ਦੂਰ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ 'ਚ ਫ਼ਸਲ ਦੀ ਖ਼ਰੀਦ-ਫ਼ਰੋਖਤ ਦੌਰਾਨ ਕਿਸਾਨਾਂ ਦੀ ਸੇਵਾ ਲਈ ਅੱਗੇ ਆਉਣ |