ਰੂਪਨਗਰ, 7 ਅਪ੍ਰੈਲ (ਸਤਨਾਮ ਸਿੰਘ ਸੱਤੀ)-ਰਬੀ ਸੀਜ਼ਨ 2026-27 ਦੌਰਾਨ ਕਣਕ ਦੀ ਆਮਦ ਸ਼ੁਰੂ ਹੋਣ 'ਤੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਮੰਡੀਆਂ ਵਿਚ ਵਰਖਾ ਤੋਂ ਬਚਾਅ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ | ਉਨ੍ਹਾਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖਰੀਦ, ਲਿਫਟਿੰਗ ਅਤੇ ਸਟੋਰੇਜ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਦੀ ਯੋਗ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਦੱਸਿਆ ਕਿ ਬੇਮੌਸਮੀ ਬਾਰਿਸ਼ ਦੇ ਬਾਵਜੂਦ ਫ਼ਸਲ ਨੂੰ ਕੋਈ ਨੁਕਸਾਨ ਨਹੀਂ ਹੋਇਆ | ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਹੁਣ ਤੱਕ 133 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ ਭੁਗਤਾਨ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਕੀਤਾ ਜਾ ਰਿਹਾ ਹੈ |