ਪੁਰਖਾਲੀ, 9 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਬੇਮੌਸਮੀ ਬਰਸਾਤ ਅਤੇ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਕਿਸਾਨਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ | ਫ਼ਸਲਾਂ ਦੇ ਹੋਏ ਨੁਕਸਾਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਮੁਝੈਲ ਦੇ ਜ਼ਿਲ੍ਹਾ ਪ੍ਰਧਾਨ ਅਜੈਬ ਸਿੰਘ ਸੈਣੀ ਵਲੋਂ ਆਪਣੇ ਸਾਥੀਆਂ ਨਾਲ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਵਾਢੀ 'ਤੇ ਆਈ ਕਣਕ ਦੀ ਫ਼ਸਲ ਖੇਤਾਂ 'ਚ ਵਿਛ ਜਾਣ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਮਾਯੂਸੀ ਛਾ ਗਈ ਹੈ | ਉਨ੍ਹਾਂ ਕਿਹਾ ਕਿ ਮੀਂਹ ਦੇ ਨਾਲ ਤੇਜ਼ ਹਵਾਵਾਂ ਕਾਰਨ ਕਣਕ ਦੀ ਫ਼ਸਲ ਧਰਤੀ 'ਤੇ ਵਿਛ ਗਈ ਹੈ | ਜਿਸ ਨਾਲ ਫ਼ਸਲਾਂ ਦੇ ਝਾੜ 'ਤੇ ਵੀ ਅਸਰ ਪਵੇਗਾ ਅਤੇ ਕਣਕ ਦਾ ਦਾਣਾ ਵੀ ਖ਼ਰਾਬ ਹੋਵੇਗਾ | ਉਨ੍ਹਾਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲਣ ਲਈ ਮਜਬੂਰ ਹੋਇਆ ਪਿਆ ਹੈ | ਉਨ੍ਹਾਂ ਦੱਸਿਆ ਕਿ ਖੇਤਾਂ 'ਚ ਪਾਣੀ ਭਰਨ ਕਾਰਨ ਹਰੀਆਂ ਸਬਜ਼ੀਆਂ ਅਤੇ ਪਸ਼ੂਆਂ ਦੇ ਚਾਰੇ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ | ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ, ਕਿ ਪ੍ਰਭਾਵਿਤ ਇਲਾਕਿਆਂ ਦੀ ਗਿਰਦਾਵਰੀ ਕਰਵਾਈ ਜਾਵੇ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਨੂੰ ਲੈ ਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਨੌਨਿਹਾਲ ਸਿੰਘ ਜਨਰਲ ਸਕੱਤਰ, ਕੁਲਵੰਤ ਸਿੰਘ ਸੈਣੀ ਮੀਡੀਆ ਇੰਚਾਰਜ,ਨਿਰਮਲ ਸਿੰਘ, ਇਕਬਾਲ ਸਿੰਘ, ਹਰਚੰਦ ਸਿੰਘ, ਗੁਰਜੋਤ ਸਿੰਘ, ਮਲਕੀਤ ਸਿੰਘ, ਪ੍ਰਭਜੋਤ ਸਿੰਘ, ਮੰਗਾ ਅਤੇ ਹੈਪੀ ਆਦਿ ਹਾਜ਼ਰ ਸਨ |