ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ (ਆਟੋਨੋਮਸ ਕਾਲਜ) ਵਿਖੇ ਅਕਾਦਮਿਕ ਸੈਸ਼ਨ 2026-27 ਲਈ ਵੱਖ-ਵੱਖ ਅੰਡਰਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ 'ਚ ਦਾਖਲਾ ਸ਼ੁਰੂ ਹੋ ਚੁੱਕਾ ਹੈ | ਇਹ ਜਾਣਕਾਰੀ ਕਾਲਜ ਦੇ ਪਿ੍ੰਸੀਪਲ ਡਾ. ਜਸਵੀਰ ਸਿੰਘ ਵਲੋਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਕਾਲਜ ਨੈਕ ਬੈਂਗਲੁਰੂ ਵਲੋਂ 'ਏ' ਗ੍ਰੇਡ ਨਾਲ ਮਾਨਤਾ ਪ੍ਰਾਪਤ ਹੈ ਅਤੇ ਕਾਲਜ ਇੱਕ ਪ੍ਰਮਾਣਿਤ ਆਟੋਨੋਮਸ ਸੰਸਥਾ ਵਜੋਂ ਆਪਣੀ ਵਿਸ਼ੇਸ਼ ਪਛਾਣ ਰੱਖਦਾ ਹੈ | ਇਸ ਤੋਂ ਇਲਾਵਾ ਕਾਲਜ ਭਾਰਤ ਸਰਕਾਰ ਦੀਆਂ ਮਹੱਤਵਪੂਰਨ ਯੋਜਨਾਵਾਂ ਜਿਵੇਂ ਕਿ ਉੱਨਤ ਭਾਰਤ ਅਭਿਆਨ ਅਤੇ ਡੀਐਸਟੀ-ਫਿਸਟ ਸਕੀਮ ਨਾਲ ਵੀ ਜੁੜਿਆ ਹੋਇਆ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਰਿਸਰਚ ਦੇ ਮੌਕੇ ਪ੍ਰਾਪਤ ਹੁੰਦੇ ਹਨ | ਡਾ. ਜਸਵੀਰ ਸਿੰਘ ਨੇ ਕਿਹਾ ਕਿ ਕਾਲਜ ਉੱਤਰੀ ਭਾਰਤ ਦੇ ਪ੍ਰਮੁੱਖ ਵਿੱਦਿਅਕ ਅਦਾਰਿਆਂ 'ਚ ਸ਼ੁਮਾਰ ਹੈ ਅਤੇ ਇੱਥੇ ਪੜ੍ਹੇ ਵਿਦਿਆਰਥੀਆਂ ਨੇ ਪਿਛਲੇ ਸਾਲਾਂ 'ਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਕਾਲਜ ਦੇ ਕਈ ਵਿਦਿਆਰਥੀ ਵੱਡੀਆਂ ਮਲਟੀਨੈਸ਼ਨਲ ਕੰਪਨੀਆਂ ਅਤੇ ਸਰਕਾਰੀ ਵਿਭਾਗਾਂ ਵਿਚ ਉੱਚ ਅਹੁਦਿਆਂ 'ਤੇ ਸੇਵਾ ਨਿਭਾ ਰਹੇ ਹਨ | ਉਨ੍ਹਾਂ ਜਾਣਕਾਰੀ ਦਿੱਤੀ ਕਿ ਕਾਲਜ 'ਚ ਐਗਰੀਕਲਚਰ, ਮੈਡੀਕਲ, ਨਾਨ-ਮੈਡੀਕਲ, ਕਾਮਰਸ, ਆਰਟਸ, ਕੰਪਿਊਟਰ ਸਾਇੰਸ ਅਤੇ ਮਿਊਜ਼ਿਕ ਸਮੇਤ ਕਈ ਵਿਸ਼ਿਆਂ 'ਚ ਆਧੁਨਿਕ ਸਮੇਂ ਦੇ ਹਾਣੀ ਕੋਰਸ ਉਪਲਬਧ ਹਨ | ਅਖੀਰ 'ਚ ਉਨ੍ਹਾਂ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਗੁਣਵੱਤਾ ਵਾਲੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ ਕੀਮਤਾਂ, ਸਮਾਜਿਕ ਜ਼ਿੰਮੇਵਾਰੀ ਅਤੇ ਸਕਿੱਲ ਪੈਦਾ ਕਰਨਾ ਹੈ |