ਸ੍ਰੀ ਅਨੰਦਪੁਰ ਸਾਹਿਬ, 10 ਅਪ੍ਰੈਲ (ਕਰਨੈਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਇੱਥੋਂ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਭੋਗ ਦੀ ਅਰਦਾਸ ਗਿਆਨੀ ਜੋਗਿੰਦਰ ਸਿੰਘ ਮੁੱਖ ਗ੍ਰੰਥੀ ਤਖ਼ਤ ਕੇਸਗੜ੍ਹ ਸਾਹਿਬ ਵਲੋਂ ਕੀਤੀ ਗਈ | ਉਪਰੰਤ ਦੀਵਾਨਾਂ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਸੰਗਤਾਂ ਨਾਲ ਗੁਰਮਤਿ ਅਤੇ ਗੁਰੂ ਇਤਿਹਾਸ ਦੀ ਸਾਂਝ ਪਾਉਂਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਗਿਆਨੀ ਜੋਗਿੰਦਰ ਸਿੰਘ ਮੁੱਖ ਗ੍ਰੰਥੀ ਤਖ਼ਤ ਕੇਸਗੜ੍ਹ ਸਾਹਿਬ ਨੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਜੀਵਨ ਇਤਿਹਾਸ ਨਾਲ ਜੋੜਿਆ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਭਾਰਤੀ ਲੋਕਾਈ ਦੀ ਧਾਰਮਿਕ ਹੋਂਦ ਅਤੇ ਅਜ਼ਾਦੀ ਨੂੰ ਬਰਕਰਾਰ ਰੱਖਣ ਲਈ ਆਪਣੀ ਸ਼ਹਾਦਤ ਆਪ ਦਿੱਲੀ ਜਾ ਕੇ ਦਿੱਤੀ ਅਤੇ ਜੇਕਰ ਗੁਰੂ ਸਾਹਿਬ ਇਹ ਕੁਰਬਾਨੀ ਨਾ ਦਿੰਦੇ ਤਦ ਭਾਰਤ ਦੇਸ਼ ਦਾ ਨਕਸ਼ਾ ਅੱਜ ਹੋਰ ਹੀ ਹੋਣਾ ਸੀ | ਇਸ ਮੌਕੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਸਾਬਕਾ ਹੈੱਡ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ, ਭਾਈ ਸਰਬਜੀਤ ਸਿੰਘ, ਸਾਬਕਾ ਚੀਫ ਇੰਜ: ਦਵਿੰਦਰ ਸਿੰਘ, ਜਥੇ: ਰਾਮ ਸਿੰਘ, ਮਨਜਿੰਦਰ ਸਿੰਘ ਬਰਾੜ, ਹਰਜੀਤ ਸਿੰਘ ਸੋਢੀ, ਜਸਵਿੰਦਰ ਸਿੰਘ ਜੋਗਾ, ਮਾਤਾ ਗੁਰਚਰਨ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ, ਬੀਬੀ ਤਜਿੰਦਰ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਮਨਜੀਤ ਕੌਰ, ਬੀਬੀ ਪਰਵਿੰਦਰ ਕੌਰ, ਬੀਬੀ ਜਸਵੰਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵੀ ਸੰਗਤਾਂ ਹਾਜ਼ਰ ਸਨ |