ਨੂਰਪੁਰ ਬੇਦੀ, 10 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਪਿੰਡ ਸੈਣੀ ਮਾਜਰਾ ਵਿਖੇ ਗ੍ਰਾਮ ਪੰਚਾਇਤ ਵਲੋਂ ਸਰਪੰਚ ਰਾਮ ਸਰੂਪ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਇੱਕ ਭਰਵਾਂ ਸੰਬੰਧ ਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ ਦੌਰਾਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਟੀਮ 'ਚ ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸਰਾਜ ਸੈਣੀ, ਸੰਮਤੀ ਮੈਂਬਰ ਸਤਿਨਾਮ ਸਿੰਘ ਨਾਗਰਾ, ਬਲਾਕ ਸੰਮਤੀ ਮੈਂਬਰ ਹੇਮੰਤ ਸੈਣੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚੌਧਰੀ ਹੁਸਨ ਚੰਦ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ | ਪ੍ਰੋਗਰਾਮ ਵਿਚ ਪਿੰਡ ਦੇ ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਇਸ ਨੂੰ ਕਾਮਯਾਬ ਬਣਾਇਆ | ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਮੁਫ਼ਤ ਬਿਜਲੀ ਸਹੂਲਤ, ਪਿੰਡਾਂ ਦੀਆਂ ਸੜਕਾਂ ਦਾ ਵਿਸਥਾਰ, ਸਿਹਤ ਸੇਵਾਵਾਂ ਵਿਚ ਸੁਧਾਰ ਅਤੇ ਸਿੱਖਿਆ ਖੇਤਰ ਵਿਚ ਨਵੀਆਂ ਯੋਜਨਾਵਾਂ ਲਾਗੂ ਕਰਕੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ | ਇਸ ਤੋਂ ਇਲਾਵਾ, ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸਰਾਜ ਸੈਣੀ ਅਤੇ ਸੰਮਤੀ ਮੈਂਬਰ ਸਤਿਨਾਮ ਸਿੰਘ ਨਾਗਰਾ ਵਲੋਂ ਸਰਕਾਰ ਦੀ 1000 ਪ੍ਰਤੀ ਮਹੀਨਾ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਲੋੜੀਂਦੇ ਦਸਤਾਵੇਜ਼ ਅਤੇ ਅਰਜ਼ੀ ਪ੍ਰਕਿਰਿਆ ਬਾਰੇ ਲੋਕਾਂ ਨੂੰ ਵਿਸਥਾਰ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ | ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਵਲੋਂ ਆਪਣੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਵੀ ਆਗੂਆਂ ਅੱਗੇ ਰੱਖੀਆਂ ਗਈਆਂ, ਜਿਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਭਰੋਸਾ ਦਿੱਤਾ ਗਿਆ | ਆਗੂਆਂ ਨੇ ਕਿਹਾ ਕਿ ਸਰਕਾਰ ਲੋਕ-ਹਿਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਅੰਤ 'ਚ ਸਰਪੰਚ ਰਾਮ ਸਰੂਪ ਵਲੋਂ ਸਮੂਹ ਮਹਿਮਾਨਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ |