ਪੁਰਖਾਲੀ, 14 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਬਾਰੇ ਜਾਣਕਾਰੀ ਦਿੰਦਿਆਂ ਡਾ. ਗੁਰਪ੍ਰੀਤ ਸਿੰਘ, ਗਰੁੱਪ ਡਾਇਰੈਕਟਰ (ਅਕਾਦਮਿਕ) ਨੇ ਦੱਸਿਆ ਕਿ ਇਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਪੰਜਾਬੀ ਸਭਿਆਚਾਰ ਅਤੇ ਸਿੱਖ ਪਹਿਚਾਣ ਨਾਲ ਜੋੜਨਾ ਅਤੇ ਦਸਤਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ | ਇਸ ਮੁਕਾਬਲੇ ਵਿਚ ਗੌਰਵ ਸਿੰਘ (ਡਿਪਲੋਮਾ ਇਲੈਕਟ੍ਰੀਕਲ), ਅਨਮੋਲ ਸਿੰਘ (ਬੀ.ਟੈੱਕ ਇਲੈਕਟ੍ਰੀਕਲ) ਅਤੇ ਜਸਪ੍ਰੀਤ ਸਿੰਘ (ਬੀ.ਟੈੱਕ ਕੰਪਿਊਟਰ ਸਾਇੰਸ) ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸੰਸਥਾ ਦੇ ਚੇਅਰਮੈਨ ਤਜਿੰਦਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਦੌਰ ਵਿਚ ਨੌਜਵਾਨ ਵਰਗ ਵਿਚ ਦਸਤਾਰ ਪ੍ਰਤੀ ਘਟਦਾ ਰੁਝਾਨ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਸਿੱਖ ਧਰਮ ਵਿਚ ਦਸਤਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਇਸਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਕੈਂਪਸ ਡਾਇਰੈਕਟਰ ਡਾ. ਐਸ.ਐਸ. ਬਿੰਦਰਾ ਨੇ ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਨੂੰ ਦਰਸਾਉਣ ਵਾਲੇ ਇਸ ਸਮਾਗਮ ਲਈ ਸਟਾਫ਼ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ | ਇਸ ਮੁਕਾਬਲੇ ਵਿਚ ਜੱਜਾਂ ਵਜੋਂ ਪਰਵਿੰਦਰ ਸਿੰਘ ਅਤੇ ਪ੍ਰਭਜੋਤ ਸਿੰਘ ਨੇ ਭੂਮਿਕਾ ਨਿਭਾਈ | ਅੰਤ ਵੱਜ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਪ੍ਰੀਤ ਕੰਵਲ ਕੌਰ, ਡਾ. ਕੰਚਨ ਸ਼ਰਮਾ, ਵਿਸ਼ਾਲ ਅਰੋੜਾ ਆਦਿ ਵੀ ਹਾਜ਼ਰ ਸਨ |